10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ’ਚ ਕਰਵਾਇਆ ਜਾਵੇਗਾ ਬੂੰਗੇ ਦਾ ਨਵੀਨੀਕਰਨ : ਬੀਬੀ ਜਗੀਰ ਕੌਰ

04/06/2021 5:59:07 PM

ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਅੱਜ ਟੱਕ ਲਗਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗਾ ਰਾਮਗੜ੍ਹੀਆ ਸਿੱਖ ਕੌਮ ਦੀ ਵਿਰਾਸਤ ਹੈ, ਜੋ ਆਪਣੇ ਅੰਦਰ ਕੁਰਬਾਨੀਆਂ ਭਰੇ ਇਤਿਹਾਸ ਨੂੰ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਇਸ ਇਤਿਹਾਸਕ ਬੂੰਗੇ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ, ਜਿਸ ਦੀ ਨਿਗਰਾਨੀ ਲਈ ਇਤਿਹਾਸਕਾਰਾਂ ਅਤੇ ਮਾਹਰਾਂ ਦੀ ਟੀਮ ਬਣਾਈ ਜਾਵੇਗੀ। 

PunjabKesari

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗੇ ਦੇ ਨਵੀਨੀਕਰਨ ਸਮੇਂ ਇਸ ਦੇ ਇਤਿਹਾਸ ਅਤੇ ਪੁਰਾਤਨਤਾਂ ਨੂੰ ਇੰਨ-ਬਿੰਨ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਚ ਬਾਰਾਂ ਮਿਸਲਾਂ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ, ਜੋ ਸੁਣਿਆ, ਵੇਖਿਆ ਤੇ ਪੜ੍ਹਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਵੀਨੀਕਰਨ ਲਈ ਕਰੀਬ 10 ਕਰੋੜ ਖ਼ਰਚ ਆਉਣ ਦਾ ਅਨੁਮਾਨ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸੇ ਦੌਰਾਨ ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। 

PunjabKesari

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸ.ਹਰਪਾਲ ਸਿੰਘ ਜੱਲ੍ਹਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸ.ਮਲਕੀਤ ਸਿੰਘ, ਸਕੱਤਰ ਸ.ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਆਦਿ ਮੌਜੂਦ ਸਨ।

PunjabKesari


rajwinder kaur

Content Editor

Related News