ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ''ਚ ਪ੍ਰਬੰਧਕੀ ਆਦੇਸ਼ ਜਾਰੀ

12/11/2019 12:56:42 AM

ਅੰਮ੍ਰਿਤਸਰ,(ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰ ਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ। ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਕੇਂਦਰ ਹੋਣ ਕਰ ਕੇ ਇਥੇ ਸਿੱਖ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ 'ਚੋਂ ਹੋਰਨਾਂ ਧਰਮਾਂ ਦੇ ਲੋਕ ਵੀ ਵੱਡੀ ਗਿਣਤੀ 'ਚ ਪੁੱਜਦੇ ਹਨ। ਇਸ ਪਾਵਨ ਅਸਥਾਨ ਦੇ ਪ੍ਰਬੰਧਾਂ 'ਤੇ ਸੰਗਤ ਦੀ ਹਮੇਸ਼ਾ ਪੜਚੋਲੀਆ ਨਜ਼ਰ ਬਣੀ ਰਹਿੰਦੀ ਹੈ। ਇਸ ਲਈ ਸਾਨੂੰ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ ਤਾਂ ਜੋ ਸੰਗਤ ਚੰਗਾ ਪ੍ਰਭਾਵ ਲੈ ਕੇ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਹੁਦਿਆਂ ਦਾ ਮਤਲਬ ਸੰਗਤ ਪ੍ਰਤੀ ਜਵਾਬਦੇਹੀ ਹੁੰਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਜਿਹੋ-ਜਿਹੀਆਂ ਪ੍ਰਬੰਧਕੀ ਸੇਵਾਵਾਂ ਚਾਹੁੰਦੀ ਹੈ, ਉਸ ਤੋਂ ਵੀ ਬਿਹਤਰ ਸੇਵਾਵਾਂ ਦੇਣਾ ਪ੍ਰਬੰਧਕਾਂ ਦੀ ਪਹਿਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਹੁਦੇਦਾਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਾਲਮੇਲ ਨਾਲ ਸੰਗਤ ਲਈ ਉਚਿਤ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਸਮੀਖਿਆ ਆਰੰਭ ਕੀਤੀ ਗਈ ਹੈ। ਇਸ ਸਬੰਧੀ ਬੈਠਕਾਂ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹਾਂ ਤਾਂ ਜ਼ਿੰਮੇਵਾਰ ਮੁਲਾਜ਼ਮ ਦੀ ਜਵਾਬਤਲਬੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤੀ ਅਦਾਰਾ ਹੋਣ ਕਰ ਕੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਦੀ ਬੋਲ-ਚਾਲ ਵਧੀਆ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਦੇ ਨਾਲ-ਨਾਲ ਆਪਣੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਵਧੀਆ ਤਾਲਮੇਲ ਪੈਦਾ ਕਰਨ ਲਈ ਵੀ ਕਿਹਾ। ਅਨੁਸ਼ਾਸਨਹੀਣਤਾ ਤੇ ਡਿਊਟੀ 'ਚ ਕੋਤਾਹੀ ਬਰਦਾਸ਼ਤ ਨਹੀਂ ਹੋਵੇਗੀ। ਜਿਨ੍ਹਾਂ ਮੁਲਾਜ਼ਮਾਂ ਨੂੰ ਵਰਦੀ ਮਿਲਦੀ ਹੈ, ਉਹ ਬਾਕਾਇਦਾ ਵਰਦੀ ਵਿਚ ਆਉਣ। ਦਸਤਾਰਾਂ ਪੰਥ ਪ੍ਰਵਾਨਿਤ ਨੀਲੇ, ਪੀਲੇ ਤੇ ਕਾਲੇ ਰੰਗ ਦੀਆਂ ਹੀ ਬੰਨ੍ਹੀਆਂ ਜਾਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਮੈਨੇਜਰ ਮੁਖਤਾਰ ਸਿੰਘ, ਮਨਜਿੰਦਰ ਸਿੰਘ ਮੰਡ, ਹਰਪ੍ਰੀਤ ਸਿੰਘ, ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਸੁਖਬੀਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਨਿਸ਼ਾਨ ਸਿੰਘ, ਲਖਬੀਰ ਸਿੰਘ ਅਤੇ ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਮੌਜੂਦ ਸਨ।


Related News