ਸ੍ਰੀ ਫ਼ਤਹਿਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਸਖ਼ਤ ਹੁਕਮ ਜਾਰੀ

Monday, Dec 09, 2024 - 04:31 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤਕ ਬੰਦ ਰਹਿਣਗੇ ਸਕੂਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਵਨ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇੱਥੇ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਭਾਰੀ ਤਦਾਦ ਵਿਚ ਲੋਕ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ 'ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ

ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ 'ਤੇ ਨਤਮਸਤਕ ਹੁੰਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਨੂੰ ਪੂਰਨ ਰੂਪ 'ਚ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਾਵਨ ਅਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਹਾਰਕ ਤੰਤਰ ਉਲੀਕਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News