ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ''ਤੇ ''ਕੈਪਟਨ'' ਦੀ ਸੰਗਤਾਂ ਨੂੰ ਖਾਸ ਅਪੀਲ
Tuesday, May 26, 2020 - 09:55 AM (IST)
ਚੰਡੀਗੜ੍ਹ : ਸ਼ਹੀਦਾਂ ਦੇ ਸਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਕੋਟਾਨਿ-ਕੋਟਿ ਪ੍ਰਣਾਮ ਕੀਤਾ ਗਿਆ ਹੈ। ਕੈਪਟਨ ਨੇ ਫੇਸਬੁੱਕ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਸਦਾ ਸਾਡੇ ਦਿਲਾਂ 'ਚ ਜਿਊਂਦੀ ਰਹੇਗੀ ਅਤੇ ਸਾਨੂੰ ਇਹ ਯਾਦ ਦਿਵਾਉਂਦੀ ਰਹੇਗੀ ਕਿ ਜੋ ਸਿੱਖਿਆਵਾਂ ਉਨ੍ਹਾਂ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਦਾ ਪਾਲਣ ਕਰਨਾ ਸਾਡਾ ਫਰਜ਼ ਹੈ। ਕੈਪਟਨ ਨੇ ਇਸ ਮੌਕੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਦੀ ਔਖੀ ਘੜੀ 'ਚ ਸੰਗਤਾਂ ਆਪੋ-ਆਪਣੇ ਘਰਾਂ ਅੰਦਰ ਰਹਿ ਕੇ ਗੁਰਬਾਣੀ ਦੇ ਪਾਠ ਕਰਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਤਾਂ ਜੋ ਸਮੁੱਚੀ ਮਨੁੱਖਤਾ ਇਸ ਔਖੀ ਘੜੀ 'ਚੋਂ ਛੇਤੀ ਤੋਂ ਛੇਤੀ ਬਾਹਰ ਨਿਕਲ ਸਕੇ।
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ, 1563 ਈ. 'ਚ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ, ਤੀਜੇ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਵਿਖੇ ਹੋਇਆ ਸੀ। ਉਨ੍ਹਾਂ ਦੇ ਦੋ ਵੱਡੇ ਭਰਾ ਪ੍ਰਿਥੀ ਚੰਦ ਤੇ ਮਹਾਦੇਵ ਸਨ। ਗੁਰੂ ਰਾਮਦਾਸ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਾਬਾ ਬੁੱਢਾ ਜੀ ਹੱਥੋਂ ਗੁਰੂ ਅਰਜਨ ਦੇਵ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਗਈ। ਗੁਰਿਆਈ ਮਿਲਣ ਸਮੇਂ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲਾਂ ਦੀ ਸੀ। ਗੁਰਗੱਦੀ ਮਿਲਣ ਤੋਂ ਬਾਅਦ ਗੁਰੂ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਸੰਪੂਰਨ ਕਰਨਾ ਸ਼ੁਰੂ ਕਰ ਦਿੱਤਾ ਸੀ। 3 ਜਨਵਰੀ, 1588 ਈ. ਨੂੰ ਗੁਰੂ ਅਰਜਨ ਦੇਵ ਜੀ ਨੇ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰਖਵਾਈ ਸੀ।