ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ, ਲੱਗੀਆਂ ਛਬੀਲਾਂ (ਤਸਵੀਰਾਂ)
Friday, Jun 03, 2022 - 10:04 AM (IST)

ਤਰਨਤਾਰਨ (ਰਮਨ) - ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ 416 ਸਾਲਾ ਸ਼ਹੀਦੀ ਪੁਰਬ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਤਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਈ ਗਈ ਗੁਰੂ ਨਗਰੀ ਤਰਨਤਾਰਨ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੇਸ਼ ਭਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਦੇ ਚਾਰੇ ਪਾਸੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸ੍ਰੀ ਦਰਬਾਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।
ਇਸ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਤਰਨਤਾਰਨ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਭਰ ਵਿਚ ਠੰਢੇ ਮਿੱਠੇ ਜਲ ਦੀਆਂ ਵੱਖ-ਵੱਖ ਥਾਵਾਂ ’ਤੇ ਛਬੀਲਾਂ ਅਤੇ ਪਕਵਾਨਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅੱਜ ਸਾਰਾ ਦਿਨ ਜਾਰੀ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਧਰਵਿੰਦਰ ਸਿੰਘ ਮਾਣੋਚਾਹਲ ਨੇ ਦੱਸਿਆ ਕਿ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਤਿਆਰੀਆਂ ਪੂਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਮੰਜੀ ਸਾਹਿਬ ਗੁਰਦੁਆਰਾ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਹਾਲ ਵਿਖੇ ਸਾਰਾ ਦਿਨ ਗੁਰਬਾਣੀ ਕੀਰਤਨ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਕਵੀਸ਼ਰੀ ਜਥੇ ਢਾਡੀ ਜਥੇ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਜੀਵਨੀ ਉਪਰ ਵਿਸ਼ੇਸ਼ ਤੌਰ ’ਤੇ ਚਾਨਣ ਪਾਉਂਦੇ ਹੋਏ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਲੰਗਰ ਹਾਲ ਵਿਖੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਏ ਗਏ ਹਨ, ਜੋ ਸਾਰਾ ਦਿਨ ਸੰਗਤਾਂ ਲਈ ਵਰਤਾਏ ਜਾਣਗੇ।