ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਹਦਾਇਤਾਂ

12/19/2017 4:57:38 PM

ਰੂਪਨਗਰ (ਵਿਜੇ)— ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ 'ਚ ਇਕ ਪ੍ਰਭਾਵਸ਼ਾਲੀ ਸਮਾਗਮ 24 ਦਸੰਬਰ ਨੂੰ ਰਾਜ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਇਸ ਸਮਾਰੋਹ 'ਚ ਸ਼ਾਮਲ ਹੋਣਗੀਆਂ।
ਇਸ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਗੁਰਨੀਤ ਤੇਜ ਨੇ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ 'ਚ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਉੱਚ ਮਿਆਰ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਇਸ ਮੌਕੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਜ਼ਿਲਾ ਅਧਿਕਾਰੀਆਂ ਨੂੰ ਕਿਹਾ ਕਿ ਇਹ ਸਮਾਗਮ ਐਤਵਾਰ ਨੂੰ ਕੀਤਾ ਜਾਣਾ ਹੈ ਇਸ ਲਈ ਕਿਸੇ ਨੂੰ ਛੁੱਟੀ ਨਾ ਦਿੱਤੀ ਜਾਵੇ। ਉਨ੍ਹਾਂ ਨੇ ਸੀਨੀਅਰ ਪੁਲਸ ਕਪਤਾਨ ਨੂੰ ਇਸ ਸਮਾਗਮ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਦੀ ਪ੍ਰੇਰਨਾ ਕੀਤੀ। 
ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਮੌਕੇ ਯੋਗ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਸੰਗਤਾਂ ਲਈ ਘੱਟੋ-ਘੱਟ 15 ਪਾਣੀ ਦੇ ਟੈਂਕਰ, ਘੱਟੋ-ਘੱਟ 4 ਰਿਕਵਰੀ ਵੈਨਾਂ ਦਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। 
ਇਸ ਮੌਕੇ ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਸ, ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅਮਰਦੀਪ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਮਿੰਦਰ ਸਿੰਘ ਪੁਲਸ ਕਪਤਾਨ, ਰਾਕੇਸ਼ ਕੁਮਾਰ ਐੱਸ. ਡੀ. ਐੱਮ. ਸ੍ਰੀ ਆਨੰਦਪੁਰ ਸਾਹਿਬ, ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜਨਰਲ), ਪਰਮਜੀਤ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਆਦਿ ਹਾਜ਼ਰ ਸਨ।