ਦਸਮ ਪਾਤਸ਼ਾਹ ਦੀ ਫੋਟੋ ਮਾਮਲੇ ''ਚ ਹਰਿਆਣਾ ਸਰਕਾਰ ਵਲੋਂ ਜਾਂਚ ਦੇ ਹੁਕਮ

12/26/2017 2:59:59 PM

ਚੰਡੀਗੜ੍ਹ (ਬਿਊਰੋ) : ਪੰਜਾਬ ਭਾਜਪਾ ਵੱਲੋਂ ਭੇਜੇ ਗਏ ਪੱਤਰ 'ਤੇ ਕਾਰਵਾਈ ਕਰਦਿਆਂ ਹਰਿਆਣਾ ਸਰਕਾਰ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਮੰਤਰੀ ਕਵਿਤਾ ਜੈਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਦੇ ਮਾਮਲੇ ਵਿਚ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਨੇ 25 ਦਸੰਬਰ ਨੂੰ ਪ੍ਰਕਾਸ਼ਿਤ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਇਸ਼ਤਿਹਾਰ ਵਿਚ ਛਪੀ ਫੋਟੋ ਨੂੰ ਅਸਲ ਫੋਟੋ ਨਾ ਦੱਸਦਿਆਂ ਹਰਿਆਣਾ ਸਰਕਾਰ ਨੂੰ ਇਕ ਪੱਤਰ ਲਿਖਿਆ ਸੀ।ਇੱਥੇ ਜਾਰੀ ਬਿਆਨ 'ਚ ਕਵਿਤਾ ਜੈਨ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ ਮੌਕੇ ਵਿਭਾਗ ਵਲੋਂ ਜਾਰੀ ਕੀਤੇ ਗਏ ਇਸ਼ਤਿਹਾਰ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਵੱਲੋਂ ਭੇਜਿਆ ਪੱਤਰ ਮਿਲਿਆ ਹੈ, ਜਿਸ ਰਾਹੀਂ ਉਨ੍ਹਾਂ ਦੱਸਿਆ ਹੈ ਕਿ ਸਬੰਧਤ ਇਸ਼ਤਿਹਾਰ ਵਿਚ ਗੁਰੂ ਮਹਾਰਾਜ ਦੀ ਅਸਲ ਤਸਵੀਰ ਦਾ ਇਸਤੇਮਾਲ ਨਹੀਂ ਕੀਤਾ ਗਿਆ ਹੈ। ਅਜਿਹੇ ਵਿਚ ਜੋ ਵੀ ਅਧਿਕਾਰੀ ਦੋਸ਼ੀ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਮਾਮਲੇ 'ਤੇ ਕਾਰਵਾਈ ਕਰਦਿਆਂ ਵਿਭਾਗੀ ਜਾਂਚ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਕਰਵਾਈ ਜਾਵੇਗੀ ਅਤੇ ਜੋ ਵੀ ਅਧਿਕਾਰੀ, ਕਰਮਚਾਰੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।