ਹੁਸ਼ਿਆਰਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ''ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੱਡੀ ਕਾਰਵਾਈ

Friday, Apr 18, 2025 - 05:07 PM (IST)

ਹੁਸ਼ਿਆਰਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ''ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੱਡੀ ਕਾਰਵਾਈ

ਅੰਮ੍ਰਿਤਸਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਹੁੰਦੀ ਤਾਂ ਅੱਜ ਸੂਬੇ ਅੰਦਰ ਸ਼ਰਾਰਤੀ ਅਨਸਰਾਂ ਦੀ ਅਜਿਹਾ ਕਰਨ ਦੀ ਹਿੰਮਤ ਨਾ ਪੈਂਦੀ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਅਤੇ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਗੁਰੂ ਘਰਾਂ ਅੰਦਰ ਕੈਮਰਿਆਂ ਦਾ ਸੁਚੱਜਾ ਪ੍ਰਬੰਧ ਨਾ ਕਰਨਾ ਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਨਾ ਬਣਾਉਣਾ ਇਕ ਵੱਡੀ ਅਣਗਹਿਲੀ ਹੈ, ਜਿਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਦੇਸ਼ ਦੁਨੀਆ ਅੰਦਰ ਬੈਠੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ ਲਿਹਾਜ਼ਾ ਇਨ੍ਹਾਂ ਨੂੰ ਠੱਲ੍ਹਣ ਲਈ ਸਖ਼ਤ ਕਾਰਵਾਈ ਕਰਨੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਸਬੰਧਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਬਰਖਾਸਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਅਜੇ ਵਿਆਹ ਦੇ ਚਾਅ ਵੀ ਨਹੀਂ ਲੱਥੇ ਕਿ ਸਾਰਾ ਕੁੱਝ ਹੀ ਮੁੱਕ ਗਿਆ

ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਨੂੰ ਨੂਰਪੁਰ ਜੱਟਾਂ ਪਿੰਡ ਵਿਚ ਵਾਪਰੀ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਅੰਦਰ ਅੱਜ ਸ਼ਰਾਰਤੀ ਅਨਸਰਾਂ ਦੀ ਇੰਨੀ ਹਿੰਮਤ ਵਧ ਗਈ ਹੈ ਕਿ ਉਹ ਸਾਡੇ ਗੁਰੂ ਘਰਾਂ ਅੰਦਰ ਵੜ ਕੇ ਬੇਅਦਬੀਆਂ ਕਰ ਰਹੇ ਹਨ। ਇਹ ਸਿੱਖਾਂ ਲਈ ਬਹੁਤ ਹੀ ਚਿੰਤਾਜਨਕ ਅਤੇ ਆਪਸ ਵਿਚ ਮਿਲ ਬੈਠ ਕੇ ਦੀਰਘ ਵਿਚਾਰ ਵਟਾਂਦਰਾ ਕਰਨ ਦਾ ਮਾਮਲਾ ਹੈ। ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ ਲਈ ਆਖਿਆ ਤਾਂ ਜੋ ਇਨ੍ਹਾਂ ਘਟਨਾਵਾਂ ਨੂੰ ਠੱਲ੍ਹਿਆ ਜਾ ਸਕੇ।

ਇਹ ਵੀ ਪੜ੍ਹੋ : ਐਂਬੂਲੈਂਸ 'ਚ ਮੁੰਡੇ ਦੀ ਲਾਸ਼ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਹੋਰ ਦੀ ਮੌਤ

ਜਥੇਦਾਰ ਗੜਗੱਜ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਦੀ ਅਗਵਾਈ ਵਿਚ ਪੰਜ ਪਿਆਰੇ ਸਾਹਿਬਾਨ, ਵਧੀਕ ਮੈਨੇਜਰ ਹਰਦੇਵ ਸਿੰਘ ਅਤੇ ਸਬ-ਦਫ਼ਤਰ ਦੇ ਇੰਚਾਰਜ ਗੁਰਭਾਗ ਸਿੰਘ ਨੂੰ ਤੁਰੰਤ ਘਟਨਾ ਵਾਲੀ ਥਾਂ ਉੱਤੇ ਜਾਂਚ ਕਰਨ ਲਈ ਭੇਜਿਆ ਗਿਆ ਹੈ। ਘਟਨਾ ਸਬੰਧੀ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਗੁਰੂ ਘਰ ਵਿਖੇ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਠੀਕ ਨਹੀਂ ਸੀ, ਜਿਸ ਤੋਂ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਨਜ਼ਰ ਆਉਂਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News