ਯੂਬਾਸਿਟੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਬਣਾਏਗੀ ਐੱਸ. ਜੀ. ਪੀ. ਸੀ. : ਲੌਂਗੋਵਾਲ
Sunday, Sep 30, 2018 - 08:04 AM (IST)

ਚੰਡੀਗਡ਼੍ਹ (ਭੁੱਲਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼ਨੀਵਾਰ ਨੂੰ ਇਥੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ’ਚ ਅਮਰੀਕਾ ਦੇ ਯੂਬਾਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲੇ ਵੀ ਲਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਇਸ ਸਾਲ ਹੋਣ ਵਾਲੇ ਖ਼ਾਲਸਾਈ ਖੇਡ ਉਤਸਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਮਰੀਕਾ ਨਿਵਾਸੀ ਸਿੱਖ ਦੀਦਾਰ ਸਿੰਘ ਬੈਂਸ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਇਸ ਸਾਲ 22-23 ਨਵੰਬਰ 2018 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਆਰੰਭਤਾ ਸਮਾਗਮ ਯਾਦਗਾਰੀ ਬਣਾਉਣ ਬਾਰੇ ਵਿਚਾਰ ਕਰਨ ਲਈ ਅੰਤ੍ਰਿੰਗ ਕਮੇਟੀ ਦੀ ਅਗਲੀ ਇਕੱਤਰਤਾ 18 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ 22-23 ਨਵੰਬਰ ਦੇ ਆਰੰਭਤਾ ਸਮਾਗਮਾਂ ’ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਕ ਵਫ਼ਦ ਪਾਕਿਸਤਾਨ ਵਿਖੇ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਬਣਾ ਕੇ ਪਾਕਿਸਤਾਨ ਵਿਖੇ ਸਮਾਗਮ ਕਰਵਾਉਣ ਦਾ ਪ੍ਰਸਤਾਵ ਰੱਖੇਗਾ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਢੱਡੇ, ਨਵਤੇਜ ਸਿੰਘ ਕਾਉਣੀ, ਹਰਦੇਵ ਸਿੰਘ ਰੋਗਲਾ, ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਗੁਰਪ੍ਰੀਤ ਕੌਰ, ਗੁਰਮੀਤ ਸਿੰਘ ਬੂਹ, ਰਵਿੰਦਰ ਸਿੰਘ ਚੱਕ ਤੇ ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਆਦਿ ਮੌਜੂਦ ਸਨ।
ਜਥੇਦਾਰ ਨੂੰ ਬਦਲਣ ਬਾਰੇ ਨਹੀਂ ਹੋਈ ਚਰਚਾ-
ਇਸੇ ਦੌਰਾਨ ਲੌਂਗੋਵਾਲ ਨੇ ਇਕ ਸਵਾਲ ਦੇ ਜਵਾਬ ਵਿਚ ਸਪੱਸ਼ਟ ਕੀਤਾ ਕਿ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੇ ਮਾਮਲੇ ’ਤੇ ਕਿਸੇ ਤਰ੍ਹਾਂ ਦੀ ਚਰਚਾ ਨਹੀਂ ਹੋਈ। ਅਜਿਹਾ ਕੋਈ ਵੀ ਏਜੰਡਾ ਅੱਜ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਸੀ। ਜ਼ਿਕਰਯੋਗ ਹੈ ਕਿ ਇਹ ਚਰਚਾ ਚੱਲ ਰਹੀ ਸੀ ਕਿ ਮੀਟਿੰਗ ਵਿਚ ਰਾਜ ਦੀਆਂ ਮੌਜੂਦਾ ਸਥਿਤੀਆਂ ਦੇ ਮੱਦੇਨਜ਼ਰ ਜਥੇਦਾਰ ਨੂੰ ਤਬਦੀਲ ਕਰਨ ਦੇ ਮਾਮਲੇ ’ਚ ਚਰਚਾ ਹੋ ਸਕਦੀ ਹੈ।