ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸੰਘਰਸ਼ ਕਰਦੇ ਰਹਾਂਗੇ : ਪ੍ਰੋ. ਬਡੂੰਗਰ

06/18/2017 3:42:46 PM

ਸੁਲਤਾਨਪੁਰ ਲੋਧੀ (ਸੋਢੀ) : ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਬਾਣੀ ਦੇ ਗੁਟਕਿਆਂ ਦੀ ਬੇਅਦਬੀ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਤੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੁਲਤਾਨਪੁਰ ਲੋਧੀ ਤੇ ਦੇਸ਼-ਵਿਦੇਸ਼ ਵਿਖੇ ਕਾਰ ਸੇਵਾ ਰਾਹੀ ਗੁਰੂ ਘਰਾਂ ਦੀਆਂ ਇਮਾਰਤਾਂ ਦੇ ਨਿਰਮਾਣ ਦੀ ਵੱਡੀ ਸੇਵਾ ਨਿਭਾਅ ਰਹੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਪ੍ਰਗਟ ਕੀਤੇ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀਆਂ ਜਾਇਦਾਦਾਂ ਤੇ ਸੂਬਾ ਸਰਕਾਰ ਦੀ ਸ਼ਹਿ ਤੇ ਕਾਂਗਰਸੀ ਵਰਕਰ ਨਜਾਇਜ਼ ਕਬਜ਼ੇ ਕਰ ਰਹੇ ਹਨ ਤੇ ਪੰਜਾਬ ਦੇ ਕਿਸਾਨ ਕਰਜੇ ਦੇ ਬੋਝ ਹੇਠ ਆ ਕੇ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਅਜਿਹੇ ਸਮੇਂ ਅਸੀਂ ਕਿਵੇਂ ਚੁੱਪ ਕਰਕੇ ਬੈਠ ਸਕਦੇ ਹਾਂ। ਉਨ੍ਹਾਂ ਕਿਹਾ ਐੱਸ.ਜੀ.ਪੀ.ਸੀ. ਦਾ ਜਨਮ ਹੀ ਸੰਘਰਸ਼ 'ਚੋਂ ਹੋਇਆ ਹੈ ਤੇ ਉਹ ਇਨਸਾਫ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਰਹਿਣਗੇ।