ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਹਰ ਪਾਸੇ ਰੌਣਕਾਂ, ਸਜਾਏ ਗਏ ਨਗਰ ਕੀਰਤਨ (ਤਸਵੀਰਾਂ)

Saturday, Nov 04, 2017 - 09:40 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਹਰ ਪਾਸੇ ਰੌਣਕਾਂ, ਸਜਾਏ ਗਏ ਨਗਰ ਕੀਰਤਨ (ਤਸਵੀਰਾਂ)

ਸਮਰਾਲਾ (ਬੰਗੜ, ਗਰਗ) : ਅੱਜ ਪੂਰੀ ਦੁਨੀਆ 'ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਤੜਕੇ ਸਵੇਰ ਤੋਂ ਹੀ ਗੁਰਦੁਆਰਿਆਂ 'ਚ ਜਾ ਕੇ ਗੁਰੂ ਜੀ ਦੇ ਚਰਨਾਂ 'ਚ ਨਤਮਸਤਕ ਹੋ ਰਹੇ ਹਨ। ਇਸ ਸਬੰਧੀ ਬੀਤੇ ਦਿਨ ਹਰ ਜਗ੍ਹਾ ਨਗਰ ਕੀਰਤਨ ਸਜਾਏ ਗਏ। ਪਿੰਡ ਪਪੜੌਦੀ ਤੇ ਸ਼ਮਸ਼ਪੁਰ ਵਿਖੇ ਵੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਪਿੰਡ ਪਪੜੌਦੀ ਵਿਖੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਨਗਰ ਕੀਰਤਨ ਦਾ ਨਗਰ ਵਿਖੇ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਬਾਬਾ ਪ੍ਰੀਤਮ ਸਿੰਘ ਪਪੜੌਦੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 
ਇਸੇ ਤਰ੍ਹਾਂ ਪਿੰਡ ਸ਼ਮਸ਼ਪੁਰ ਵਿਖੇ ਵੀ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਆਪਣੇ ਸਥਾਨਾਂ 'ਤੇ ਪਰਤਿਆ। ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਸਥਾਨਕ ਗੁਰਦੁਆਰਾ ਹਰਗੋਬਿੰਦ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਲੋਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ। ਨਗਰ ਕੀਰਤਨ ਸ਼ਹਿਰ ਦੇ ਮੇਨ ਬਾਜ਼ਾਰ, ਸਬਜ਼ੀ ਮੰਡੀ, ਮੋਰਿੰਡਾ ਰੋਡ, ਅਨਾਜ ਮੰਡੀ, ਰੋਪੜ ਰੋਡ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਚ ਜਾ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ। ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਲਈ ਚਾਹ ਤੇ ਬਿਸਕੁਟਾਂ ਦਾ ਲੰਗਰ ਵੀ ਲਾਇਆ ਗਿਆ। 
ਡੇਰਾ ਕਾਰ ਸੇਵਾ ਮੋਰਿੰਡਾ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਾਲ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਪ੍ਰਕਾਸ਼ ਦਿਹਾੜੇ ਸਬੰਧੀ ਡੇਰਾਬੱਸੀ ਵਿਖੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਗੁਰੂ ਹਰਕ੍ਰਿਸ਼ਨ ਸੇਵਕ ਜਥਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰੀ। ਸਿਟੀ ਕਲੱਬ ਡੇਰਾਬੱਸੀ ਵਲੋਂ ਹਰ ਸਾਲ ਦੀ ਤਰ੍ਹਾਂ ਦੁੱਧ-ਬਰੈੱਡਾਂ ਦਾ ਲੰਗਰ ਲਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਮੌਕੇ ਹਲਕਾ ਡੇਰਾਬੱਸੀ ਯੂਥ ਕਾਂਗਰਸ ਦੇ ਸੀਨੀਅਰ ਆਗੂ ਉਦੇਵੀਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਗੁਰੂ ਹਰਿਕ੍ਰਿਸ਼ਨ ਸੇਵਕ ਜਥੇ ਵਲੋਂ ਢਿੱਲੋਂ ਦਾ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। 


Related News