ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
Monday, Nov 11, 2019 - 11:18 AM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਤਕ ਹੋਣ ਲਈ ਲੱਖਾਂ ਦੀ ਗਿਣਤੀ 'ਚ ਸੰਗਤਾਂ ਦਾ ਪੁੱਜਣਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਵੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਪੁੱਜ ਰਹੀਆਂ ਹਨ।
ਅੱਜ ਹਰਿਆਣਾ ਦੇ ਉੱਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ 'ਤੇ ਜੀ-ਆਇਆਂ ਕਿਹਾ। ਉਨ੍ਹਾਂ ਨੇ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਵ ਗੁਰੂ ਦੱਸਦੇ 550ਵੇਂ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਵਧਾਈ ਦਿੱਤੀ।
ਇਸ ਤੋਂ ਇਲਾਵਾ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਸਾਂਸਦ ਸ੍ਰੀ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆਂ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਡਾ. ਦਲਜੀਤ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਅਮਰੀਕ ਸਿੰਘ ਕੋਟ ਸ਼ਮੀਰ, ਭਾਈ ਮਨਜੀਤ ਸਿੰਘ, ਜਗਸੀਰ ਸਿੰਘ ਮਾਂਗੇਆਣਾ, ਅਵਤਾਰ ਸਿੰਘ ਵਣਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਦਿਆਲ ਸਿੰਘ ਕੋਲਿਆਂਵਾਲੀ, ਬਾਬਾ ਮਹਿੰਦਰ ਸਿੰਘ ਯੂ. ਕੇ., ਸਕੱਤਰ ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਡਾ. ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸਤਨਾਮ ਸਿੰਘ ਰਿਆੜ , ਹਰਭਜਨ ਸਿੰਘ ਵਕਤਾ ਪਬਲੀਸਿਟੀ ਇੰਚਾਰਜ ਆਦਿ ਮੌਜੂਦ ਸਨ।