ਲੌਂਗੋਵਾਲ ਦਾ ਐਲਾਨ, ਪੂਰਾ ਸਾਲ ਚੱਲਣਗੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ

Tuesday, Nov 12, 2019 - 06:42 PM (IST)

ਲੌਂਗੋਵਾਲ ਦਾ ਐਲਾਨ, ਪੂਰਾ ਸਾਲ ਚੱਲਣਗੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸੁਲਤਾਨਪੁਰ ਲੋਧੀ 'ਚ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ 'ਬਾਬੇ ਨਾਨਕ' ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰੇ ਸਾਲ ਚੱਲਦੇ ਰਹਿਣਗੇ। 

PunjabKesari

550ਵੇਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿੱਥੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਧੰਨਵਾਦ ਕੀਤਾ, ਉੱਥੇ ਹੀ ਸਮੂਹ ਸੰਤਾਂ ਮਹਾਂਪੁਰਸ਼ਾਂ ਅਤੇ ਹੋਰਨਾਂ ਹਸਤੀਆਂ ਦਾ ਵੀ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਗਲੇ ਸਾਲ ਵੀ ਇਸੇ ਤਰ੍ਹਾਂ ਮਨਾਏ ਜਾਣਗੇ ਅਤੇ ਲਗਾਤਾਰ ਪੂਰਾ ਸਾਲ ਸਮਾਗਮ ਚਲਦੇ ਰਹਿਣਗੇ।

PunjabKesari

ਉਨ੍ਹਾਂ ਇਸ ਸਮਾਗਮ ਸਮੇਂ ਸੁਲਤਾਨਪੁਰ ਲੋਧੀ ਅਤੇ ਹੋਰਨਾਂ ਥਾਵਾਂ 'ਤੇ ਲੰਗਰਾਂ ਦੀ ਸੇਵਾ ਨਿਭਾਉਣ ਵਾਲੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਛੇਤੀ ਹੀ ਇਕ ਵੱਖਰਾ ਸ਼ੁਕਰਾਨਾ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ, ਜਿਸ 'ਚ ਸਮੂਹ ਲੰਗਰ ਸੇਵਾ ਕਰਨ ਵਾਲਿਆਂ ਅਤੇ ਵੱਖ-ਵੱਖ ਹੋਰ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਮੇਂ ਸਟੇਜ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਹੋਰ ਹਸਤੀਆਂ ਮੌਜੂਦ ਸਨ ।

ਦੱਸ ਦੇਈਏ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ 'ਚ ਪ੍ਰਕਾਸ਼ ਦਿਹਾੜੇ 'ਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਐੱਸ. ਜੀ. ਪੀ. ਸੀ. ਵੱਲੋਂ ਵੀ ਇਥੇ ਸਮਾਗਮ ਕਰਵਾਏ ਜਾ ਰਹੇ ਹਨ।


author

shivani attri

Content Editor

Related News