ਨਹੀਂ ਸੁਲਝਿਆ ਸਾਂਝੇ ਮੰਚ ਦਾ ਰੇੜਕਾ, SGPC ਲਗਾਏਗੀ ਵੱਖਰੀ ਸਟੇਜ

10/10/2019 5:43:33 PM

ਕਪੂਰਥਲਾ (ਓਬਰਾਏ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐੱਸ. ਜੀ. ਪੀ. ਸੀ. ਵਿਚਾਲੇ ਸਾਂਝੇ ਮੰਚ ਦੀਆਂ ਕੋਸ਼ਿਸ਼ਾਂ ਬੇਨਤੀਜਾ ਰਹੀਆਂ ਹਨ। ਇਸ ਦਾ ਖੁਲਾਸਾ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਹੈ। ਬੀਬੀ ਜਗੀਰ ਨੇ ਕਿਹਾ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਸਾਂਝੀ ਸਟੇਜ ਲਈ ਸਰਕਾਰੀ ਪੱਖ ਵੱਲੋਂ ਹਾਂਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਐੱਸ. ਜੀ. ਪੀ. ਸੀ. ਨੇ ਸੁਲਤਾਨਪੁਰ ਲੋਧੀ 'ਚ ਵੱਖ ਤੋਂ ਸਟੇਜ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਇਕ ਪ੍ਰਾਈਵੇਟ ਕੰਪਨੀ ਨੂੰ 10 ਕਰੋੜ ਦਾ ਟੈਂਬਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ 12 ਨਵੰਬਰ ਨੂੰ ਹੋਣ ਵਾਲੇ ਸਮਾਗਮ ਲਈ ਐੱਸ. ਜੀ. ਪੀ. ਸੀ. ਵੱਲੋਂ ਦਿੱਲੀ ਦੀ ਇਕ ਨਿੱਜੀ ਕੰਪਨੀ ਨੂੰ ਟੈਂਡਰ ਦਿੱਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਸ ਸਭ ਲਈ ਸੁਖਬੀਰ ਬਾਦਲ ਅਤੇ ਬੀਬੀ ਜਗੀਰ ਕੌਰ ਨੂੰ ਜਿੰਮੇਵਾਰ ਦੱਸਿਆ ਹੈ। ਚੀਮਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਇਸ ਮਾਮਲੇ 'ਚ ਨੈਗਟਿਵ ਰੋਲ ਅਦਾ ਕੀਤਾ ਹੈ। ਪੰਜਾਬ ਸਰਕਾਰ ਦੀ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਿੱਛੇ ਲਗਭਗ ਤਿਆਰ ਕੀਤੀ ਜਾ ਚੁੱਕੀ ਹੈ। 

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸਾਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੁਨੀਆ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ 'ਚ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਐੱਸ. ਜੀ. ਪੀ. ਸੀ. ਅਤੇ ਸਰਕਾਰ ਦਾ ਤਾਲਮੇਲ ਨਾ ਬਣਨਾ ਕਿਤੇ ਨਾ ਕਿਤੇ ਸਿੱਖ ਸੰਗਤਾਂ ਨੂੰ ਨਿਰਾਸ਼ ਕਰ ਰਿਹਾ ਹੈ।


shivani attri

Content Editor

Related News