ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਤਸਵੀਰਾਂ)

11/09/2019 6:39:11 PM

ਸੁਲਤਾਨਪੁਰ ਲੋਧੀ (ਸੋਢੀ) — ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੁਲਤਾਨਪੁਰ ਲੋਧੀ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ ਪਾਵਨ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਜਿਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ, ਜਥੇ. ਤੋਤਾ ਸਿੰਘ ਅਤੇ ਜਥੇ. ਸਰਵਨ ਸਿੰਘ ਕੁਲਾਰ ਨੇ ਸਿਰੋਪਾਓ ਅਤੇ ਸਿਰੀ ਸਾਹਿਬ ਭੇਟ ਕਰਕੇ ਸਨਮਾਨ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ। ਪ੍ਰਧਾਨ ਮੰਤਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪੀ. ਐੱਮ. ਮੋਦੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨਾਲ ਕੁਝ ਸਮਾਂ ਗੱਲਬਾਤ ਵੀ ਕੀਤੀ।

ਸ੍ਰੀ ਗੁਰੂ ਨਾਨਕ ਜੇਵ ਜੀ ਨੇ ਪੂਰੀ ਦੁਨੀਆ ਨੂੰ 'ਨਾ ਕੋਈ ਬੈਰੀ, ਨਹੀਂ ਬਿਗਾਨਾ' ਦੀ ਪ੍ਰੇਰਨਾ ਦਿੱਤੀ

ਮੋਦੀ ਨੇ ਕਿਹਾ ਕਿ ਸਤਿਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੇ ਭਾਗਾਂ ਨਾਲ ਸਾਨੂੰ ਮਹਾਨ ਪੈਗੰਬਰ ਸਤਿਗੁਰੂ ਨਾਨਕ ਸਾਹਿਬ ਦੀ ਇਹ ਸ਼ਤਾਬਦੀ ਮਨਾਉਣ ਦਾ ਅਵਸਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਨੂੰ ਸਰਬ-ਸਾਂਝਾ ਉਪਦੇਸ਼ ਬਖਸ਼ਿਸ਼ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਨਾ ਕੋ ਵੈਰੀ, ਨਾ ਹੀ ਬਿਗਾਨਾ' ਦੀ ਪ੍ਰੇਰਨਾ ਦਿੱਤੀ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਪੂਰੀ ਲੋਕਾਈ ਲਈ ਮਾਰਗ ਦਰਸ਼ਨ ਕਰ ਰਹੀਆਂ ਹਨ।

ਮੋਦੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਕਰੀਬਨ 15 ਮਿੰਟ ਦਾ ਸਮਾਂ ਗੁਜ਼ਾਰਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਥੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ। ਇਸ ਸਮੇਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪਵਿੱਤਰ ਵੇਂਈ ਦੇ ਦਰਸ਼ਨ ਕਰਵਾਉਣ ਦੀ ਇੱਛਾ ਜ਼ਾਹ ਕੀਤੀ ਮੋਦੀ ਪਹਿਲਾਂ ਬਣੇ ਪ੍ਰੋਟੋਕਾਲ ਮੁਤਾਬਕ ਗੁਰਦੁਆਰਾ ਬੇਰ ਸਾਹਿਬ ਤੋਂ ਹੀ ਦਰਸ਼ਨ ਕਰਕੇ ਪਰਤ ਗਏ। 

ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਰਘੁਜੀਤ ਸਿੰਘ ਵਿਰਕ, ਜਥੇ. ਅਮਰੀਕ ਸਿੰਘ ਕੋਟਸ਼ਮੀਰ, ਸਰਵਣ ਸਿੰਘ ਕੁਲਾਰ, ਸਕੱਤਰ ਮਹਿੰਦਰ ਸਿੰਘ ਆਹਲੀ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਬਾਬਾ ਬਲਬੀਰ ਸਿੰਘ ਸੀਂਚੇਵਾਲ, ਭਾਈ ਗੁਰਚਰਨ ਸਿੰਘ ਗਰੇਵਾਲ, ਦਿਆਲ ਸਿੰਘ ਕੋਲਿਆਂਵਾਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸਿਮਰਜੀਤ ਸਿੰਘ, ਭਾਈ ਹਰਜੀਤ ਸਿੰਘ, ਸਕੱਤਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਮੈਨੇਜਰ ਸਤਨਾਮ ਸਿੰਘ ਰਿਆੜ, ਜਥੇ. ਸੁਖਜੀਤ ਸਿੰਘ ਬਘੌਰਾ ਆਦਿ ਹਾਜ਼ਰ ਸਨ।

ਇਸ ਤੋਂ ਇਲਾਵਾ ਗੁਰਦੁਆਰਾ ਬੇਰ ਸਾਹਿਬ ਪਿੱਛੇ ਬਣਾਏ ਗਏ ਹੈਲੀਪੈਡ 'ਤੇ ਪ੍ਰਧਾਨ ਮੰਤਰੀ ਦਾ ਸੁਆਗਤ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਨਵਤੇਜ ਸਿੰਘ ਚੀਮਾ ਵਿਧਾਇਕ ਨੇ ਕੀਤਾ । ਨਰਿੰਦਰ ਮੋਦੀ ਦੀ ਫੇਰੀ ਨੂੰ ਦੇਖਦੇ ਹੋਏ ਅੱਜ ਤੜਕੇ ਤੋਂ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਅਤੇ ਬਾਹਰ ਸਖਤ ਸਰੁੱਖਿਆ ਪ੍ਰਬੰਧ ਕੀਤੇ ਗਏ ਹਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅੰਦਰ ਪ੍ਰਵੇਸ਼ ਹੋਣ ਵਾਲੇ ਸਾਰੇ ਦਰਵਾਜਿਆਂ ਦੇ ਮੁਹਰੇ ਸਖਤ ਚੈਕਿੰਗ ਲਈ ਮੈਟਲ ਡਿਟੈਕਟਰ ਮਸ਼ੀਨਾਂ ਲਗਾਈਆਂ ਹੋਈਆਂ ਹਨ, ਜਿਸ 'ਚ ਦੀ ਚੈੱਕ ਕਰਕੇ ਹੀ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਦਰਸ਼ਨ ਕਰਨ ਲਈ ਜਾਣ ਦਿੱਤਾ ਗਿਆ।

ਤੜਕੇ ਤੋਂ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਸਖਤ ਸਕਿਓਰਿਟੀ ਕਾਰਨ ਕਾਫੀ ਪ੍ਰੇਸ਼ਾਨ ਹੋਣਾ ਪਿਆ ਹੈ। ਸਵੇਰੇ 9 ਵਜੇ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅੰਦਰ ਅਤੇ ਪੁਰਾਣੀ ਦਰਸ਼ਨੀ ਡਿਊੜੀ ਦੇ ਮੁਹਰੇ 100 ਮੀਟਰ ਤੱਕ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਕਰਨ ਵਾਲੇ ਹਨ। ਉਦਘਾਟਨ ਕਰਨ ਤੋਂ ਬਾਅਦ ਉਹ ਪਹਿਲੇ ਜੱਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਨਗੇ। 

 

 

shivani attri

This news is Content Editor shivani attri