550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਉਮੜਿਆ ਸੰਗਤ ਦਾ ਸੈਲਾਬ (ਤਸਵੀਰਾਂ)
Monday, Nov 11, 2019 - 06:54 PM (IST)

ਸੁਲਤਾਨਪੁਰ ਲੋਧੀ (ਵੈੱਬ ਡੈਸਕ, ਅਮਰੀਕ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ 'ਚ ਰੌਣਕਾਂ ਲੱਗੀਆਂ ਹੋਈਆਂ ਹਨ।
ਹਰ ਕੋਈ ਇਸ ਪ੍ਰਕਾਸ਼ ਪੁਰਬ ਨੂੰ ਵੱਖਰੇ ਢੰਗ ਨਾਲ ਮਨਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਵੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਪੁੱਜ ਰਹੀਆਂ ਹਨ।
ਹੁਣ ਤੱਕ 25 ਲੱਖ ਤੋਂ ਵੱਧ ਸ਼ਰਧਾਲੂ ਹੁਣ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ ਅਤੇ ਅਜੇ ਵੀ ਸੰਗਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।
ਵੱਡੀ ਗਿਣਤੀ 'ਚ ਆ ਰਹੀਆਂ ਸੰਗਤਾਂ ਲਈ ਤਿੰਨ ਟੈਂਟ ਸਿਟੀਆਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਟੈਂਟ ਸਿਟੀਆਂ 'ਚ ਰਹਿਣ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਗਤ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਖਾਸ ਮੌਕੇ ਇਕ ਪਾਸੇ ਜਿੱਥੇ ਗੁਰੂ ਜੀ ਦੇ ਇਤਿਹਾਸ ਨੂੰ ਉਜਾਗਰ ਕਰਦੀਆਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਹਨ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ।