ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)
Tuesday, Nov 12, 2019 - 06:43 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਹੋਰ ਸਾਥੀ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਫੇਸਬੁੱਕ ਪੋਸਟ ਪਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਬਾਬੇ ਨਾਨਕ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮਨਮੋਹਕ ਦ੍ਰਿਸ਼ ਹਰ ਕਿਸੇ ਨੂੰ ਕੀਲ ਰਹੇ ਹਨ।
ਅੱਗੇ ਲਿਖਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਦਿਹਾੜੇ ਮੌਕੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਇਸੇ ਤਰ੍ਹਾਂ ਮੈਨੂੰ ਪੰਜਾਬ ਵਾਸੀਆਂ ਦੀ ਸੇਵਾ ਕਰਨ ਦਾ ਬੱਲ ਬਖਸ਼ਦੇ ਰਹਿਣ ਅਤੇ ਸਾਰਿਆਂ 'ਤੇ ਉਸ ਸੱਚੇ ਪ੍ਰਮਾਤਮਾ ਦੀ ਮਿਹਰ ਬਣੀ ਰਹੇ।
ਦੱਸਣਯੋਗ ਹੈ ਕਿ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ ਹੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਸੀ।
ਅੱਜ ਇਸ ਪਵਿੱਤਰ ਦਿਹਾੜੇ 'ਤੇ ਸੁਲਤਾਨਪੁਰ ਲੋਧੀ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਸਮੇਤ ਹੋਰ ਵੱਡੀਆਂ ਸ਼ਖਸੀਅਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।