ਪ੍ਰਕਾਸ਼ ਪੁਰਬ ਮੌਕੇ ਹਵਾਈ ਜਹਾਜ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ

Monday, Nov 12, 2018 - 06:30 PM (IST)

ਪ੍ਰਕਾਸ਼ ਪੁਰਬ ਮੌਕੇ ਹਵਾਈ ਜਹਾਜ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ

ਸੁਲਤਾਨਪੁਰ ਲੋਧੀ (ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 21 ਨਵੰਬਰ ਤੋਂ 23 ਨਵੰਬਰ ਤੱਕ ਵੱਡੀ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਗਰ ਕਰੀਤਨ 'ਚ ਸਾਰੇ ਰਸਤੇ ਦੌਰਾਨ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬੇਰ ਸਾਹਿਬ ਵਿਖੇ ਮੈਨੇਜਰ ਭਾਈ ਜਰਨੈਲ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਦੀ ਦੇਖਰੇਖ ਹੇਠ ਹੋਈ। ਜਿਸ 'ਚ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਸਮੇਤ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਕੀਤੇ ਜਾਣਗੇ। 

ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ 21 ਨਵੰਬਰ ਦੀ ਰਾਤ ਦੇ 2.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 23 ਨਵੰਬਰ ਨੂੰ ਰਾਤ ਦੇ 1.40 ਵਜੇ ਪਾਏ ਜਾਣਗੇ। ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਦਿਨ ਦੇ 10 ਵਜੇ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ । 

ਨਗਰ ਕੀਰਤਨ 'ਚ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਵਿਖਾਉਣਗੀਆਂ ਅਤੇ ਸਾਰੇ ਰਸਤੇ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਹੋਵੇਗੀ। ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ 22 ਨਵੰਬਰ ਨੂੰ ਸ਼ਾਮ ਦੇ 5 ਵਜੇ ਤੋਂ 24 ਨਵੰਬਰ ਦੀ ਸਵੇਰ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਬੇਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ , ਕਥਾ ਵਾਚਕ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ਼ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 23 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਇਸੇ ਦਿਨ ਦੁਪਿਹਰ ਦੇ 12 ਵਜੇ ਅੰਮ੍ਰਿਤ ਸੰਚਾਰ ਹੋਵੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ 23 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਸਿੱਖ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਨਗੇ। ਇਸ ਸਮੇਂ ਮੀਟਿੰਗ 'ਚ ਇੰਜੀਨੀਅਰ ਸਵਰਨ ਸਿੰਘ, ਭਾਈ ਚਾਨਣ ਸਿੰਘ ਦੀਪੇਵਾਲ ਸਾਬਕਾ ਮੀਤ ਸ਼ਕੱਤਰ ਸ਼੍ਰੋਮਣੀ ਕਮੇਟੀ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਜਥੇ ਪਰਮਿੰਦਰ ਸਿੰਘ ਖਾਲਸਾ, ਐਡਵੋਕੇਟ ਗੁਰਮੀਤ ਸਿੰਘ ਵਿਰਦੀ, ਭਾਈ ਵਰਿੰਦਰਪਾਲ ਸਿੰਘ ਭਵਾਨੀਪੁਰ, ਜਥੇ ਗੁਰਦਿਆਲ ਸਿੰਘ ਖਾਲਸਾ, ਭਾਈ ਹਰਜੀਤ ਸਿੰਘ ਆਦਿ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮੂਹ ਜਥੇਬੰਦੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸਬੰਧੀ ਆਪਣੇ ਉਸਾਰੂ ਸੁਝਾਅ ਗੁਰਦੁਆਰਾ ਪ੍ਰਬੰਧਕਾਂ ਨੂੰ ਨੋਟ ਕਰਵਾਏ ਗਏ।


author

shivani attri

Content Editor

Related News