ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਸਜਾਏ ਗਏ ਅਲੌਕਿਕ ਜਲੌਅ
Wednesday, Nov 05, 2025 - 01:21 PM (IST)
ਅੰਮ੍ਰਿਤਸਰ (ਬਿਊਰੋ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ।

ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਵੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ। ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ। ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਵੇਰੇ ਕਰੀਬ ਸਾਢੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ। ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨ ਦਾ ਮੌਕਾ ਮਿਲਿਆ ਹੈ।

ਸਜਾਏ ਗਏ ਜਲੌਅ 'ਚ ਕੀਮਤੀ ਵਸਤੂਆਂ-ਹੀਰੇ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ ਆਦਿ ਸ਼ਾਮਲ ਸੀ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਦਾ ਨੌ ਲੱਖਾ ਹਾਰ, ਨੀਲ ਕੰਠ ਦਾ ਮੋਰ, ਸੋਨੇ ਦਾ ਛੱਤਰ ਅਤੇ ਅਸਲੀ ਮੋਤੀਆਂ ਦੀ ਮਾਲਾ ਦੇ ਵੀ ਦਰਸ਼ਨ ਕਰਵਾਏ ਗਏ। ਦੱਸ ਦੇਈਏ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਤ ਦੇ ਸਮੇਂ ਹੋਣ ਵਾਲੀ ਆਤੀਸ਼ਬਾਜ਼ੀ ਦਾ ਨਜ਼ਾਰਾ ਦੇਖਣ ਵਾਲਾ ਹੋਵੇਗਾ।








ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
