ਗੁ. ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ, ਵਿਦੇਸ਼ੀ ਫੁੱਲਾਂ ਨਾਲ ਸਜਿਆ ਬਾਬੇ ਨਾਨਕ ਦਾ ਦਰ

11/24/2023 6:39:11 PM

ਸੁਲਤਾਨਪੁਰ ਲੋਧੀ (ਚੰਦਰ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਗੁਰਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 25,26 ਅਤੇ 27 ਨਵੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।  ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਢੰਗ ਨਾਲ ਮਨਾਉਣ ਸਬੰਧੀ ਅਤੇ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਢੁੱਕਵੇਂ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ।

ਆਉਣ ਵਾਲੇ ਸ਼ਰਧਾਲੂਆੰ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰਬੰਧ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਹਨ ਅਤੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਜੋੜ ਮੇਲੇ ਦੀ ਆਰੰਭਤਾ ਮੌਕੇ 25 ਅਤੇ 26 ਨਵੰਬਰ ਦੀ ਦਰਮਿਆਨੀ ਰਾਤ ਨੂੰ 2.30 ਵਜੇ (ਤੜ੍ਹਕੇ) ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਅਤੇ 28 ਨਵੰਬਰ ਦੀ ਦੇਰ ਰਾਤ 1.40 ਵਜੇ ਪਾਏ ਜਾਣਗੇ ਅਤੇ ਫੁੱਲਾਂ ਦੀ ਵਰਖਾ ਹੋਵੇਗੀ। 

ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋਕਿ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆਂ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। 

ਇਸ ਸਮੇਂ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਹੋਵੇਗੀ। ਇਸੇ ਤਰ੍ਹਾਂ 26 ਨਵੰਬਰ ਦੀ ਸ਼ਾਮ ਤੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜੋਕਿ 28 ਨਵੰਬਰ ਦੀ ਸਵੇਰ ਤੱਕ ਜਾਰੀ ਰਹਿਣਗੇ। ਇਸ ਤੋਂ ਇਲਾਵਾ 27 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਗਿਆਨੀ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ 27 ਨਵੰਬਰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਬੇਰ ਸਾਹਿਬ ਵਿਖੇ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ 'ਚ ਹਟਾਈ ਗਈ ਪੁਲਸ ਫੋਰਸ, ਹਾਲਾਤ ਹੋਏ ਆਮ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri