ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਂਝੀਆਂ ਤਿਆਰੀਆਂ ਕਰ ਰਹੇ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਤੇ ਨਗਰ ਨਿਗਮ

09/29/2018 8:34:39 AM

ਅੰਮ੍ਰਿਤਸਰ, (ਦੀਪਕ/ਅਨਿਲ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ  ਕਰਮਜੀਤ ਸਿੰਘ ਰਿੰਟੂ ਵੱਲੋਂ ਇਕ ਮੀਟਿੰਗ ’ਚ ਸਾਂਝੇ ਤੌਰ ’ਤੇ ਲਿਆ ਗਿਆ। ਮੀਟਿੰਗ ਦੌਰਾਨ ਡਾ. ਰੂਪ ਸਿੰਘ ਨੇ ਮੇਅਰ ਰਿੰਟੂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਮਾਰਗਾਂ ਦੀ ਹਾਲਤ ਸੁਧਾਰਨ, ਸਾਫ਼-ਸਫ਼ਾਈ ਦਾ ਪ੍ਰਬੰਧ ਕਰਵਾਉਣ, ਸੀਵਰੇਜ ਤੇ ਬਿਜਲੀ ਦੇ ਬਿਹਤਰ ਪ੍ਰਬੰਧ ਕਰਨ ਤੇ ਦੁਕਾਨਦਾਰਾਂ ਵੱਲੋਂ ਬਾਹਰ ਵਧਾਏ ਗਏ ਸਾਮਾਨ ਨੂੰ ਅੰਦਰ ਕਰਵਾਉਣ ਲਈ ਕਿਹਾ, ਜਿਸ ’ਤੇ ਮੇਅਰ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਸਬੰਧੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।


ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਮੌਕੇ ਅੰਮ੍ਰਿਤਸਰ ਦੇ ਇਤਿਹਾਸਕ 12 ਗੇਟਾਂ, ਬੱਸ ਅੱਡੇ, ਏਅਰਪੋਰਟ, ਰੇਲਵੇ ਸਟੇਸ਼ਨ ਤੇ ਵਿਰਾਸਤੀ ਮਾਰਗ ਨੂੰ ਸ਼ਿੰਗਾਰਿਆ ਜਾ ਰਿਹਾ ਹੈ ਅਤੇ ਅਜਿਹਾ ਹੀ ਉੱਦਮ ਨਗਰ ਨਿਗਮ ਵੀ ਕਰੇ। ਇਸ ’ਤੇ ਮੇਅਰ ਨੇ ਭਰੋਸਾ ਦਿੱਤਾ ਕਿ ਨਗਰ ਨਿਗਮ ਵੱਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੇ ਰੂਟ ਵਾਲੀਆਂ ਸਾਰੀਆਂ ਸਰਕਾਰੀ ਬਿਲਡਿੰਗਾਂ ਨੂੰ ਰੁਸ਼ਨਾਇਆ ਜਾਵੇਗਾ ਅਤੇ ਨਗਰ ਕੀਰਤਨ ਦੇ ਰੂਟ ’ਤੇ ਪੈਂਦੀਅਾਂ ਸਟਰੀਟ ਲਾਈਟਾਂ ਤੇ ਖੰਭਿਆਂ ਨੂੰ ਪੇਂਟ ਕਰ ਕੇ ਸ਼ਿੰਗਾਰਿਆ ਜਾਵੇਗਾ।    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸਕੱਤਰ ਮਨਜੀਤ ਸਿੰਘ, ਬਲਵਿੰਦਰ ਸਿੰਘ ਜੌਡ਼ਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ।