400 ਸਾਲਾ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਇਹ ਅਪੀਲ

Saturday, May 01, 2021 - 05:56 PM (IST)

400 ਸਾਲਾ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੱਤਾ। 

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਪੁਰਬ ਦੀ ਵਧਾਈ ਦਿੰਦਿਆਂ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਹੋਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਮਾਰਗ ਦਰਸ਼ਨ ਦੇਣ ਵਾਲੀ ਹੈ। ਗੁਰੂ ਸਾਹਿਬ ਨੇ ਸਮਾਜਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਮਹੱਤਵ ਨੂੰ ਸਮਾਜ ਅੰਦਰ ਪ੍ਰਬਲ ਕੀਤਾ ਅਤੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ।

PunjabKesari

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੋਰੋਨਾ ਮਹਾਮਾਰੀ ਦੇ ਦੌਰ ਅੰਦਰ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਮੁੱਚੀ ਸਿੱਖ ਕੌਮ ਇਕ ਅਧੁਨਿਕ ਹਸਪਤਾਲ ਸਥਾਪਤ ਕਰੇ, ਜਿਥੇ ਬਿਲਕੁਲ ਮੁਫ਼ਤ ਇਲਾਜ਼ ਹੋਵੇ। ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਕੋਈ ਇਕ ਸੰਸਥਾ ਨਹੀਂ ਸਗੋਂ ਦੇਸ਼ ਦੁਨੀਆਂ ਅੰਦਰ ਵਸਦੀ ਸਾਰੀ ਸਿੱਖ ਕੌਮ ਅੱਗੇ ਆਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨੁਮਾਇੰਦਿਆਂ, ਦੇਸ਼ ਵਿਦੇਸ਼ ’ਚ ਵੱਸਦੀਆਂ ਸੰਗਤਾਂ ਅਤੇ ਕੌਮ ਦੇ ਚਿੰਤਕਾਂ ਦੇ ਸੁਝਾਵਾਂ ਦਾ ਇੰਤਜ਼ਾਰ ਰਹੇਗਾ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਲਈ ਆਖਿਆ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਖੌਫ਼ ਦੇ ਮਾਹੌਲ ਅੰਦਰ ਹੋ ਰਹੀਆਂ ਮੌਤਾਂ ਵਿੱਚੋਂ ਜ਼ਿਆਦਾ ਆਕਸੀਜਨ ਦੀ ਕਮੀ ਕਾਰਨ ਹੋ ਰਹੀਆਂ ਹਨ। ਮਿਲ ਰਹੀਆਂ ਸੂਚਨਾਵਾਂ ਅਨੁਸਾਰ ਆਕਸੀਜਨ ਦੀ ਕਮੀ ਕਾਰਨ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਇਸ ਸਬੰਧ ਵਿਚ ਗੁਰੂ ਸਾਹਿਬ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਹਰ ਸਿੱਖ ਇਕ-ਇਕ ਰੁੱਖ ਜ਼ਰੂਰ ਲਗਾਵੇ ਅਤੇ ਖ਼ਾਸਕਰ ਪਿੱਪਲ ਦੇ ਰੁੱਖ ਲਗਾਏ ਜਾਣ, ਕਿਉਂਕਿ ਇਨ੍ਹਾਂ ਵਿਚ ਆਕਸੀਜਨ ਦੀ ਭਾਰੀ ਮਾਤਰਾ ਪਾਈ ਜਾਂਦੀ ਹੈ। ਸਿੰਘ ਸਾਹਿਬ ਨੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਉਹ ਦਿੱਲੀ ਵਿਖੇ ਬੈਠੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਵੀ ਸੰਜੀਦਾ ਹੋਵੇ। ਸਰਕਾਰ ਖੁੱਲ੍ਹਦਿਲੀ ਨਾਲ ਫੈਸਲਾ ਕਰੇ ਤਾਂ ਜੋ ਕਿਸਾਨ ਆਪੋ-ਆਪਣੇ ਘਰਾਂ ਨੂੰ ਆ ਸਕਣ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News