400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ''ਚ ਲੱਗੀਆਂ ਰੌਣਕਾਂ, ਬੀਬੀ ਜਗੀਰ ਕੌਰ ਨੇ ਕੀਤੇ ਕਈ ਵੱਡੇ ਐਲਾਨ

05/01/2021 6:19:18 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਜੀ ਵਿਖੇ ਜਲੌ ਸਜਾਏ ਗਏ, ਜਿਸ ਵਿਚ ਤੋਸ਼ਾਖਾਨਾ ਦੀਆਂ ਇਤਿਹਾਸਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਜਾਈਆਂ ਗਈਆਂ। ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਨਿਰੰਤਰ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਮਹਾਂਪੁਰਖਾਂ ਵੱਲੋਂ ਸੰਗਤ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਖ਼ੂਬਸੂਰਤ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੀ। ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਤੋਂ ਇਲਾਵਾ ਸ਼ਹਿਰ ਅੰਦਰ ਸਵਾਗਤੀ ਗੇਟ ਵੀ ਬਣਾਏ ਗਏ।

PunjabKesari

ਬੀਬੀ ਜਗੀਰ ਕੌਰ ਨੇ ਕੀਤੇ ਵੱਡੇ ਐਲਾਨ
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਦੀ ਸਾਰੀ ਯਾਤਰਾ ਨੂੰ ਵੀਡੀਓ ਡਾਕੂਮੈਂਟਰੀ ਰਾਹੀਂ ਦੇਸ਼-ਵਿਦੇਸ਼ ਦੀ ਸੰਗਤ ਤੱਕ ਪਹੁੰਚਾਉਣ ਅਤੇ ਗੁਰੂ ਸਾਹਿਬ ਜੀ ਦੀ ਬਾਣੀ ਨੂੰ 5 ਭਾਸ਼ਾਵਾਂ ਵਿਚ ਛਪਵਾ ਕੇ ਸੰਗਤ ਅਰਪਣ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਾਨਵਤਾ ਲਈ ਵੱਡੇ ਪਰਉਪਕਾਰ ਵਾਲਾ ਹੈ, ਜਿਸ ਨੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਕ੍ਰਾਂਤੀਕਾਰੀ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੂਸਰੇ ਧਰਮ ਅਤੇ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਸ਼ਹਾਦਤ ਦੇਣੀ ਛੋਟੀ ਗੱਲ ਨਹੀਂ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰੂ ਸਾਹਿਬ ਜੀ ਦੇ ਸਮੁੱਚੇ ਜੀਵਨ ਸਫ਼ਰ ਅਤੇ ਵਿਚਾਰਧਾਰਾ ਨੂੰ ਸੰਗਤ ਤੱਕ ਆਧੁਨਿਕ ਮਾਧਿਅਮ ਰਾਹੀਂ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਨਿਕਟਵਰਤੀ ਸਿੱਖਾਂ ਦੀਆਂ ਦਸਤਾਵੇਜੀ ਫਿਲਮਾਂ ਵੀ ਤਿਆਰ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਇਹ ਅਪੀਲ

PunjabKesari

ਇਸ ਸਬੰਧ ਵਿਚ 12 ਫ਼ਿਲਮਾਂ ਦੀ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਕਾਰਜ ਨੂੰ ਸਿੰਘ ਸਾਹਿਬਾਨ ਦੀ ਪ੍ਰੇਰਣਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਐਲਾਨ ਵੀ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੰਜ ਭਾਸ਼ਾਵਾਂ ਵਿਚ ਅਨੁਵਾਦ ਕੀਤਾ ਜਾਵੇਗਾ, ਤਾਂ ਜੋ ਵੱਖ-ਵੱਖ ਭਾਸ਼ਾਵਾਂ ਨੂੰ ਜਾਣਨ ਵਾਲੇ ਲੋਕ ਗੁਰਬਾਣੀ ਦੀ ਵਿਚਾਰਧਾਰਾ ਨੂੰ ਸਮਝ ਸਕਣ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਇਕ ਚੇਅਰ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। 
ਉਨ੍ਹਾਂ ਆਖਿਆ ਕਿ ਯੂਨੀਵਰਸਿਟੀ ਵਿਖੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਖੋਜ ਦਾ ਵਿਸ਼ਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਲਈ ਆਈਏਐਸ, ਆਈਪੀਐਸ, ਪੀਸੀਐਸ ਤੇ ਐਨਡੀਏ ਦੀ ਤਿਆਰੀ ਲਈ ਪਟਿਆਲਾ ਵਿਖੇ ਪਹਿਲਾਂ ਹੀ ਕੇਂਦਰ ਸਥਾਪਤ ਕੀਤਾ ਜਾ ਚੁੱਕਾ ਹੈ।

PunjabKesari

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਸ਼ੱਕ ਕੋਰੋਨਾ ਦੇ ਚੱਲਦਿਆਂ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਵਿਸ਼ਾਲ ਪੱਧਰ ’ਤੇ ਨਹੀਂ ਕੀਤੇ ਜਾ ਸਕੇ ਪਰ ਇਹ ਸਮਾਗਮ ਇਥੇ ਹੀ ਸਮਾਪਤ ਨਹੀਂ ਹੋਣਗੇ, ਸਗੋਂ ਸਾਰਾ ਸਾਲ ਜਾਰੀ ਰਹਿਣਗੇ। ਵਿਸ਼ਾਲ ਸਮਾਗਮ ਵੀ ਬਾਅਦ ਵਿਚ ਮਾਹੌਲ ਠੀਕ ਹੋਣ ਸਮੇਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਆਪੋ ਆਪਣੇ ਘਰਾਂ ਅੰਦਰ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਰਿਵਾਰਾਂ ਵਿਚ ਬੈਠ ਕੇ ਗੁਰੂ ਸਾਹਿਬ ਜੀ ਦੀ ਸਾਖੀਆਂ ਸਾਂਝੀਆਂ ਕਰਨ ਅਤੇ ਉਨ੍ਹਾਂ ਦੀ ਗੁਰਬਾਣੀ ਨਾਲ ਜੁੜਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੂਰਾ ਸਾਲ ਵੱਖ-ਵੱਖ ਥਾਵਾਂ ’ਤੇ ਸਮਾਗਮ ਜਾਰੀ ਰਹਿਣਗੇ। ਉਨ੍ਹਾਂ ਨੇ ਸਮਾਗਮ ਦੌਰਾਨ ਪੁੱਜੀਆਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ।

PunjabKesari

ਸਮਾਗਮ ਦੌਰਾਨ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਕੀਤਾ ਸੰਬੋਧਨ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਅਪਨਾਉਣ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ। ਬੁਲਾਰਿਆਂ ਨੇ ਗੁਰੂ ਸਾਹਿਬ ਜੀ ਵੱਲੋਂ ਮਾਨਵਤਾ ਦੀ ਖ਼ਾਤਰ ਪਾਏ ਯੋਗਦਾਨ ਨੂੰ ਧਾਰਮਿਕ ਜਗਤ ਅੰਦਰ ਨਵੇਕਲੀਆਂ ਪੈੜਾਂ ਕਿਹਾ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੋਕਾ ਮਨੁੱਖ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਵੀ ਦਿੱਤੀ।

PunjabKesari

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਸੰਗਤ ਨਾਲ ਕਥਾ-ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਜੋਰਾ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ ਅਤੇ ਬਾਬਾ ਬਿਧੀ ਚੰਦ ਜੀ ਗੁਰਮਤਿ ਸੰਗੀਤ ਵਿਦਿਆਲਾ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਮਾਗਮ ਸਮੇਂ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਨਿਰਮਲ ਸਿੰਘ ਨੂਰ, ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾਂ ਅਤੇ ਭਾਈ ਗੁਰਜੰਟ ਸਿੰਘ ਦੇ ਜਥਿਆਂ ਨੇ ਗੁਰੂ ਸਾਹਿਬ ਜੀ ਦਾ ਇਤਿਹਾਸ ਢਾਡੀ ਤੇ ਕਵੀਸ਼ਰੀ ਵਾਰਾਂ ਰਾਹੀਂ ਪੇਸ਼ ਕੀਤਾ।

PunjabKesari

ਸ਼ਤਾਬਦੀ ਸਮਾਗਮ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਜਾਗਰ ਕਰਦਾ ਵਿਸ਼ੇਸ਼ ਸੋਵੀਨਰ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਗਟ ਭਏ ਗੁਰੁ ਤੇਗ ਬਹਾਦਰ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਜੀਵਨ ਯਾਤਰਾ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਖੂਨੀ ਸ਼ਹੀਦੀ ਸਾਕਾ ਪੁਸਤਕਾਂ ਵੀ ਸੰਗਤ ਅਰਪਤ ਕੀਤੀਆਂ ਗਈਆਂ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਮਾਗਮ ਦੌਰਾਨ ਨਾ ਪੁੱਜ ਸਕਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਲਾਈਵ ਪ੍ਰਸਾਰਣ ਦਾ ਪ੍ਰਬੰਧ ਕੀਤਾ ਗਿਆ ਸੀ।  

ਸ਼ਤਾਬਦੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇ ਭਗਵੰਤ ਸਿੰਘ ਸਿਆਲਕਾ, ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਗੱਜਣ ਸਿੰਘ ਤਰਨਾ ਦਲ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬਾਬਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਕੁਲਦੀਪ ਸਿੰਘ ਤੇੜਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਮੇਜਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਜਬੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News