ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

Tuesday, Dec 07, 2021 - 09:59 PM (IST)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ। ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਉਨ੍ਹਾਂ ਨਾਲ ਗਏ ਸਿੱਖ ਵੀ ਆਪਣਾ ਮੁਖ ਗੁਰੂ ਵੱਲ ਰੱਖਦਿਆਂ ਹੋਇਆਂ ਸ਼ਹਾਦਤਾਂ ਪ੍ਰਾਪਤ ਕਰ ਗਏ।

PunjabKesari

ਨਗਰ ਕੀਰਤਨ ਵਿਚ ਗੱਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

PunjabKesari


author

Manoj

Content Editor

Related News