400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ

03/19/2021 6:02:46 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਆਰੰਭਤਾ ਖ਼ਾਲਸਈ ਜਾਹੋ-ਜਲਾਲ ਨਾਲ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਦਿੱਲੀ ਤੋਂ ਵਾਪਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ। 

ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਭਲਕੇ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਸਵੇਰੇ 8:30 ਵਜੇ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ। ਪੰਜਾਬ, ਹਰਿਆਣਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਇਹ ਨਗਰ ਕੀਰਤਨ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤ ਅੰਦਰ ਜਾਗਰੂਕਤਾ ਅਤੇ ਪ੍ਰੇਰਣਾ ਪੈਦਾ ਕਰੇਗਾ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ

ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਮਾਗਮ ਵੀ ਉਲੀਕੇ ਗਏ ਹਨ। ਇਨ੍ਹਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਹੋ ਚੁੱਕੀ ਹੈ। ਇਸੇ ਤਹਿਤ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਦੇ ਗੁਰਮਤਿ ਸਮਾਗਮ ਰੱਖੇ ਗਏ ਹਨ। ਇਸ ਮਗਰੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ ਅਤੇ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ ਨੂੰ ਹੋਵੇਗਾ। ਮੁੱਖ ਸਮਾਗਮ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਵਿਖੇ ਹਫ਼ਤਾ ਭਰ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਸਾਰੇ ਸ਼ਹਿਰ ਨੂੰ ਰੁਸ਼ਨਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। 

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਓਐਸਡੀ ਡਾ. ਸੁਖਬੀਰ ਸਿੰਘ, ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News