ਬੰਦੀਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ

10/28/2019 5:43:12 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀਛੋੜ ਦਿਵਸ (ਦੀਵਾਲੀ) ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ 'ਚ ਬੀਤੇ 3 ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਬੰਦੀਛੋੜ ਦਿਵਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ ਅਤੇ ਦੀਪਮਾਲਾ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ। ਇਸ ਮੌਕੇ ਲੱਖਾਂ ਦੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਅਸਥਾਨਾਂ ਵਿਖੇ ਨਤਮਸਤਕ ਹੋਈ, ਜਿਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਦੁਆਲੇ ਰਵਾਇਤ ਅਨੁਸਾਰ ਦੇਸੀ ਘਿਓ ਦੇ ਦੀਵੇ ਬਾਲੇ।  

ਇਸੇ ਦੌਰਾਨ ਬੰਦੀ ਛੋੜ ਦਿਵਸ ਮੌਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਨਿਹੰਗ ਸਿੰਘਾਂ ਨੂੰ ਸਨਮਾਨ ਦਿੱਤਾ।

rajwinder kaur

This news is Content Editor rajwinder kaur