ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸ਼ਹੀਦ ਹੋਏ ਬਾਬਾ ਗੁਰਬਖਸ਼ ਸਿੰਘ ਨਿਹੰਗ ਦਾ ਇਤਿਹਾਸ ਲਾਸਾਨੀ : ਭਾਈ ਲੌਂਗੋਵਾਲ

08/09/2018 5:58:24 AM

ਅੰਮ੍ਰਿਤਸਰ,   (ਦੀਪਕ)-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ 'ਤੇ ਅੱਜ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਭਾਈ ਸਵਿੰਦਰਪਾਲ ਸਿੰਘ ਤੇ ਭਾਈ ਇੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਗੁ. ਸ਼ਹੀਦ ਭਾਈ ਗੁਰਬਖਸ਼ ਸਿੰਘ ਦੀ ਵੱਡੀ ਇਤਿਹਾਸਕ ਮਹੱਤਤਾ ਹੋਣ ਕਰ ਕੇ ਸੰਗਤਾਂ ਇਥੇ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦਾ ਇਤਿਹਾਸ ਲਾਸਾਨੀ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਆਪਣੀ ਸ਼ਹਾਦਤ ਦਿੱਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਰਤਨ ਸਿੰਘ ਜ਼ਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਜਗਜੀਤ ਸਿੰਘ ਜੱਗੀ, ਮਹਿੰਦਰ ਸਿੰਘ ਆਹਲੀ ਆਦਿ ਹਾਜ਼ਰ ਸਨ।