ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 416 ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜਾਵਟ
Wednesday, Aug 19, 2020 - 12:08 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਸ੍ਰੀ ਕੇ. ਕੇ. ਸ਼ਰਮਾ ਵਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਬੀਤੇ ਕੁਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ
ਇਸ ਵਾਰ ਕਲਕੱਤਾ, ਬੰਗਲੌਰ, ਪੂਨਾ ਅਤੇ ਕੇਰਲਾ ਆਦਿ ਥਾਵਾਂ ਤੋਂ ਮੰਗਵਾਏ ਗਏ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰੀਬ 25 ਤੋਂ 30 ਟਨ ਫੁੱਲ ਸਜਾਵਟ ਲਈ ਵਰਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਜਾਵਟ ਲਈ 80 ਦੇ ਕਰੀਬ ਕਾਰੀਗਰ ਯੂ. ਪੀ. ਅਤੇ ਕਲਕੱਤਾ ਆਦਿ ਥਾਵਾਂ ਤੋਂ ਪੁੱਜੇ ਹਨ। ਕਰੀਬ 40 ਤੋਂ 45 ਕਿਸਮ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਫੁੱਲਾਂ ਵਿਚ ਗੁਲਾਬ, ਕਾਰਮਿਸਨ, ਲਿੱਲੀ, ਮੇਰੀਗੋਲਡ, ਰਜਨੀਗੰਧਾ, ਜੈਸਮੀਨ, ਗੁਲਦਾਵਰੀ, ਜਰਵੀਰਾ ਆਦਿ ਵਿਸ਼ੇਸ਼ ਹਨ।
ਇਹ ਵੀ ਪੜ੍ਹੋ: ਮੇਨਕਾ ਗਾਂਧੀ ਦਾ ਟਵੀਟ, ਕੁੱਤੇ 'ਤੇ ਜਾਣ ਕੇ ਗੱਡੀ ਚਾੜ੍ਹਣ ਵਾਲੇ ਨੂੰ ਸਜ਼ਾ ਦੇਣ ਕੈਪਟਨ
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਭਲਕੇ 19 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਨਗਰ ਕੀਰਤਨ ਸਮੇਂ ਜ਼ਿਆਦਾ ਸੰਗਤੀ ਇਕੱਠ ਸੰਭਵ ਨਹੀਂ ਹੈ, ਇਸ ਲਈ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਪੀ.ਟੀ.ਸੀ. ਚੈਨਲ ਤੋਂ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰਾਂ ਵਿਚ ਬੈਠ ਕੇ ਗੁਰਪੁਰਬ ਸਮੇਂ ਗੁਰਬਾਣੀ ਕੀਰਤਨ ਦਾ ਅਨੰਦ ਮਾਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਕਾਰਣ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਵਿਆਹ-ਪੁਰਬ'