ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਪੁਰਬ, ਲੱਗੀਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ (ਤਸਵੀਰਾਂ)
Monday, Jun 14, 2021 - 01:30 PM (IST)
ਅੰਮ੍ਰਿਤਸਰ (ਸੁਮਿਤ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦੀ ਪੁਰਬ ਦੇ ਸਬੰਧ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਹੈ।
ਸ਼ਹੀਦੀ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਪਹੁੰਚ ਰਹੀਆਂ ਹਨ ਅਤੇ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ। ਸੰਗਤਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੇ ਅੱਗੇ ਮੱਥਾਂ ਟੇਕ ਕੇ ਅਰਦਾਸ ਕਰ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਪਰਿਕਰਮਾ ਵਿੱਚ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ, ਜਿਸ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਰਹੀਆਂ ਸੰਗਤਾਂ ਪੀ ਰਹੀਆਂ ਹਨ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਵੱਖ-ਵੱਖ ਥਾਵਾਂ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀ ਗੁਰਮਤਿ ਸਮਾਗਮ ਜਾਰੀ ਹਨ ਅਤੇ ਸ਼ਹਿਰ ਵਿੱਚ ਅਨੇਕਾਂ ਥਾਂਵਾਂ 'ਤੇ ਛਬੀਲਾਂ ਲੱਗੀਆਂ ਹੋਈਆਂ ਹਨ। ਅੱਤ ਦੀ ਪੈ ਰਹੀ ਗਰਮੀ ਦੇ ਮੱਦੇਨਜ਼ਰ ਸ਼ਰਧਾਲੂਆਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅਟੁੱਟ ਵਰਤਾਏ ਜਾ ਰਹੇ ਹਨ।