ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਚੌਥੇ ਦਿਨ ਪੁੱਜੇ 532 ਸ਼ਰਧਾਲੂ
Tuesday, Nov 12, 2019 - 08:29 PM (IST)

ਡੇਰਾ ਬਾਬਾ ਨਾਨਕ,(ਵਤਨ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ 'ਚ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਖੂਬ ਰੌਣਕਾਂ ਰਹੀਆਂ ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਗਏ ਤੇ ਇਸ ਤੋਂ ਇਲਾਵਾ ਸੰਗਤ ਵੱਲੋਂ ਪੈਦਲ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪਹੁੰਚ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ।
ਜਾਣਕਾਰੀ ਮੁਤਾਬਕ ਅੱਜ 532 ਸ਼ਰਧਾਲੂਆਂ ਵੱਲੋਂ ਪਾਕਿਸਤਾਨ ਜਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਗਏ।
ਕਸਬੇ 'ਚ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ੍ਰੀ ਚੋਲਾ ਸਾਹਿਬ ਅਤੇ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ ਅਤੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ 'ਚ ਮੱਥਾ ਟੇਕ ਰਹੀਆਂ ਸਨ। ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਬਾਬਾ ਬੇਦੀ ਨੇ ਸੰਗਤਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂਆਂ ਵੱਲੋਂ ਦਰਸ਼ਾਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ।
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸਾਰਾ ਦਿਨ ਗੁਰਬਾਣੀ ਦੇ ਕੀਰਤਨ ਦਾ ਪ੍ਰਵਾਹ ਹੋਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਅਸਥਾਨ 'ਤੇ ਪਹੁੰਚ ਕੇ ਨਤਮਸਤਕ ਹੋਈਆਂ। ਗੁਰਦੁਆਰਾ ਸਾਹਿਬ ਵਿਚ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਦੀ ਅਗਵਾਈ ਹੇਠ ਸੰਗਤਾਂ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਸਨ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ ਸੀ। ਇਸ ਮੌਕੇ ਸੰਗਤਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਤਾਂ ਹੋਰ ਸੁਖਾਲੀਆਂ ਬਣਾਈਆਂ ਜਾਣ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸੁਖਾਲੇ ਤਰੀਕੇ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣ।