ਪਾਕਿ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਹਰਸਿਮਰਤ ਨੇ ਕੇਂਦਰ ਨੂੰ ਕੀਤੀ ਇਹ ਅਪੀਲ
Wednesday, Aug 25, 2021 - 11:05 AM (IST)
ਤਲਵੰਡੀ ਸਾਬੋ (ਮੁਨੀਸ਼): ਜਿੱਥੇ ਪਾਕਿਸਤਾਨ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰ ਚੁੱਕੀ ਹੈ ਤਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦਾ ਤੁਰੰਤ ਐਲਾਨ ਕਰੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨੇ ਇੱਥੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾ ਚੁੱਕੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰ ਵਾਰਤਾ ਦੌਰਾਨ ਕੀਤਾ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ
ਬੀਬਾ ਬਾਦਲ ਨੇ ਕਿਹਾ ਕਿ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਉਸ ਸਮੇਂ ਸਟੇਜ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਲਾਂਘਾ ਖੁੱਲ੍ਹਣ ਨਾਲ ਅੱਤਵਾਦੀ ਗਤੀਵਿਧੀਆਂ ਵਧਣਗੀਆਂ ਪਰ ਅਜਿਹਾ ਕੁਝ ਨਹੀਂ ਹੋਇਆ ਸਗੋਂ ਸ਼ਰਧਾਲੂ ਬੜੇ ਅਦਬ ਸਤਿਕਾਰ ਨਾਲ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪਰਤਦੇ ਰਹੇ ਹਨ।ਉਨ੍ਹਾਂ ਕਿਹਾ ਕਿ ਜੇਕਰ ਹੁਣ ਪਾਕਿਸਤਾਨ ਲਾਂਘਾ ਖੋਲ੍ਹਣ ਲਈ ਤਿਆਰ ਹੈ ਅਤੇ ਦਿੱਲੀ ਸਰਕਾਰ ਲਾਂਘਾ ਖੋਲ੍ਹਣ ਦੀ ਇਛੁੱਕ ਨਹੀਂ ਤਾਂ ਇਹ ਮੰਨਿਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਇੰਨੀ ਕਮਜ਼ੋਰ ਹੋ ਚੁੱਕੀ ਹੈ ਕਿ ਆਪਣੇ ਦੇਸ਼ ਦੇ ਅਮਨ ਕਾਨੂੰਨ ਦੀ ਹਿਫਾਜ਼ਤ ਨਹੀਂ ਕਰ ਸਕਦੀ। ਇਸ ਲਈ ਉਹ ਲਾਂਘਾ ਖੋਲ੍ਹਣ ਤੋਂ ਕੰਨੀ ਕਤਰਾ ਰਹੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ
ਕੇਂਦਰ ਸਰਕਾਰ ਵੱਲੋਂ ਅਫ਼ਗਾਨਿਸਤਾਨ ਮਸਲੇ ’ਤੇ ਸੱਦੀ ਸਰਬ ਪਾਰਟੀ ਮੀਟਿੰਗ ਵਿਚ ਅਕਾਲੀ ਦਲ ਦੇ ਸ਼ਾਮਲ ਹੋਣ ਦੇ ਸਵਾਲ ’ਤੇ ਬੀਬਾ ਬਾਦਲ ਨੇ ਕਿਹਾ ਕਿ ਮੀਟਿੰਗ ਵਿਚ ਸ਼ਾਮਲ ਹੋਣ ਬਾਰੇ ਫੈਸਲਾ ਪਾਰਟੀ ਆਲਾਕਮਾਨ ਕਰੇਗੀ, ਹਾਲਾਂਕਿ ਅਫਗਾਨਿਸਤਾਨ ਦਾ ਮਸਲਾ ਬੜਾ ਗੰਭੀਰ ਹੈ ਅਤੇ ਸਾਨੂੰ ਵੀ ਉੱਥੇ ਫਸੇ ਸਿੱਖਾਂ ਅਤੇ ਹਿੰਦੂਆਂ ਦੀ ਫਿਕਰ ਹੈ। ਇਸ ਮੌਕੇ ਬੀਬਾ ਬਾਦਲ ਨੇ ਰੀਬਨ ਕੱਟ ਕੇ ਅਕਾਲੀ ਬਸਪਾ ਦੇ ਸਾਂਝੇ ਦਫਤਰ ਦਾ ਉਦਘਾਟਨ ਕਰਦਿਆਂ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ 2022 ਚੋਣਾਂ ਲਈ ਕਮਰਕੱਸੇ ਕੱਸ ਲੈਣ ਦਾ ਸੱਦਾ ਦਿੱਤਾ।ਇਸ ਮੌਕੇ ਹਲਕਾ ਤਲਵੰਡੀ ਸਾਬੋ ਦੀ ਸਮੁੱਚੀ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਸੀ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਨੇ ਹਾਈਕੋਰਟ ਦੇ ਡਬਲ ਬੈਂਚ ਕੋਲ ਦਾਇਰ ਕੀਤੀ ਪਟੀਸ਼ਨ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ