ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ
Thursday, Mar 25, 2021 - 06:54 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ, ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰ ਇਸ ਅਸਥਾਨ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਹੈ, ਜਿਸ ਕਾਰਨ ਸੰਗਤ ਨਿਰਾਸ਼ਾ ਦੇ ਆਲਮ ਵਿਚ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਨੇ ਇਕ ਪੱਤਰ ਲਿਖਿਆ ਹੈ। ਪਾਕਿ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹਣ ਦੇ ਫ਼ੈਸਲੇ ਮਗਰੋਂ ਭਾਰਤ ਸਰਕਾਰ ਦੀ ਲੰਮੀ ਚੁੱਪ ਠੀਕ ਨਹੀਂ ਹੈ। ਸਰਕਾਰ ਨੂੰ ਇਸ ਮਾਮਲੇ ’ਤੇ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਬੁਢਲਾਡਾ ਵਿਖੇ ਸਥਿਤ ਕਾਲਜ ਦੀ ਕੰਧ ਅਤੇ ਬਿਲਡਿੰਗ ਦਾ ਕੁਝ ਹਿੱਸਾ ਢਾਹੁਣ ਦੇ ਯਤਨਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਸੱਤ ਹਜ਼ਾਰ ਤੋਂ ਵੱਧ ਵਿਦਿਆਰਥੀ ਇਸ ਵਿਦਿਅਕ ਅਦਾਰੇ ਵਿਚ ਸਿੱਖਿਆ ਪ੍ਰਾਪਤ ਕਰਦੇ ਹਨ ਅਤੇ ਇਹ ਸੰਸਥਾ ਇਲਾਕੇ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਮਾਣ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਕਾਲਜ ਦੀ ਕੁਝ ਜ਼ਮੀਨ ਨੂੰ ਸੜਕ ਦਾ ਹਿੱਸਾ ਬਣਾਉਣ ਲਈ ਕੀਤੀ ਗਈ ਜ਼ਬਰੀ ਕਾਰਵਾਈ ਮੰਦਭਾਗੀ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕਈ ਵਾਰ ਲਿਖਣ ਦੇ ਬਾਵਜੂਦ ਵੀ ਸਬੰਧਤ ਪ੍ਰਸ਼ਾਸਨ ਨੇ ਸਮਝੌਤੇ ਸਬੰਧੀ ਕੋਈ ਕਾਰਵਾਈ ਅੱਗੇ ਨਹੀਂ ਵਧਾਈ, ਜਦਕਿ ਬਿਨਾਂ ਦੱਸੇ ਕਾਲਜ ਦੀ ਕੰਧ ਨੂੰ ਢਾਹੁਣ ਦਾ ਕਾਰਜ ਆਰੰਭ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਵਿਕਾਸ ਕਾਰਜ ਦੇ ਵਿਰੁੱਧ ਨਹੀਂ ਹੈ ਪਰ ਕੋਈ ਵੀ ਕੰਮ ਨਿਯਮਾਂ ਅਨੁਸਾਰ ਹੀ ਹੁੰਦਾ ਹੈ। ਪ੍ਰਸ਼ਾਸਨ ਧੱਕੇ ਨਾਲ ਬਿਲਡਿੰਗ ਢਾਹੁਣ ਦੀ ਥਾਂ ਪ੍ਰਬੰਧਕਾਂ ਨਾਲ ਗੱਲ ਕਰੇ।
ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਰਹਿਣਗੇ ਬੰਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੈ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।
ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਇਥੇ ਹੀ ਇਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇਕ ਦਿਨ ਦੇ ਫ਼ਰਕ ਨਾਲ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਅਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।