ਸ੍ਰੀ ਮੁਕਤਸਰ ਸਾਹਿਬ ’ਚ ਸੀ. ਐੱਮ. ਵਿੰਡੋ ਸਥਾਪਿਤ

Wednesday, Jul 10, 2024 - 12:28 PM (IST)

ਸ੍ਰੀ ਮੁਕਤਸਰ ਸਾਹਿਬ ’ਚ ਸੀ. ਐੱਮ. ਵਿੰਡੋ ਸਥਾਪਿਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਤਹਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਅਤੇ ਲੋਕ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਖਿੜਕੀ (ਸੀ. ਐੱਮ. ਵਿੰਡੋ) ਸਥਾਪਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ. ਏ. ਐੱਸ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿਚ ਮੁੱਖ ਮੰਤਰੀ ਦਫ਼ਤਰ ਜਾਂ ਵੱਖ-ਵੱਖ ਵਿਭਾਗਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਕੰਮ ਵਾਸਤੇ ਚੰਡੀਗੜ੍ਹ ਗੇੜੇ ਮਾਰਨੇ ਪੈਂਦੇ ਸਨ, ਉਨ੍ਹਾਂ ਲਈ ਮੁੱਖ ਮੰਤਰੀ ਸਹਾਇਤਾ ਕੇਂਦਰ ਵਰਦਾਨ ਸਾਬਿਤ ਹੋਵੇਗਾ ਕਿਉਂਕਿ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਹਰ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸਵੇਰੇ 9 ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸ ਲਈ ਟੋਕਨ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਹਰ ਨੂੰ ਵਾਰੀ ਅਨੁਸਾਰ ਆਪਣੀ ਗੱਲ ਡਿਪਟੀ ਕਮਿਸ਼ਨਰ ਕੋਲ ਰੱਖਣ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਸਰਕਾਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਘਰਾਂ ਦੀਆਂ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਰ ਹਫਤੇ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕ ਸੁਵਿਧਾ ਕੈਂਪ ਵੀ ਲਾਇਆ ਜਾਇਆ ਕਰਨਗੇ, ਜਿੱਥੇ ਡਿਪਟੀ ਕਮਿਸ਼ਨਰ ਖੁਦ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਿਆ ਕਰਨਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।


author

Gurminder Singh

Content Editor

Related News