ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਬਦਲੀ

07/17/2019 6:56:02 PM

ਸੁਲਤਾਨਪੁਰ ਲੋਧੀ (ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਹੁਣ 1 ਅਗਸਤ ਨੂੰ ਆਰੰਭ ਹੋਵੇਗਾ। ਇਹ ਤਬਦੀਲੀ ਮੌਸਮ ਦੇ ਮੱਦੇਨਜ਼ਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤਾਂ ਨੂੰ ਭਲਕੇ ਪੱਤਰਕਾਵਾਂ ਲਿਖੀਆਂ ਜਾਣਗੀਆਂ। ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਨਿਵਾਸੀ ਗੁਰਸਿੱਖ ਨੌਜਵਾਨ ਪ੍ਰਦੀਪਇੰਦਰ ਸਿੰਘ ਜੋ ਤਾਇਕੋਵਾਂਡੋ ਦਾ ਖਿਡਾਰੀ ਨੂੰ 50 ਹਜ਼ਾਰ ਰੁਪਏ ਹੌਸਲਾ ਅਫਜ਼ਾਈ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਰਗਾੜੀ ਵਿਖੇ ਰੋਸ ਧਰਨੇ ਦੌਰਾਨ ਪੁਲਸ ਦੀ ਕੁਟਮਾਰ ਕਾਰਨ ਇਕ ਅੱਖ ਗਵਾ ਲੈਣ ਵਾਲੇ ਹਰਭਜਨ ਸਿੰਘ ਵਾਸੀ ਸਮਾਣਾ ਨੂੰ 1 ਲੱਖ ਰੁਪਏ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। 

ਉਨ੍ਹਾਂ ਹੋਰ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਚਿੱਤਰਕਾਰੀ ਦੀ ਸੇਵਾ ਕਰਨ ਵਾਲੇ ਸਵਰਗਵਾਸੀ ਚਿੱਤਰਕਾਰ ਜੀ.ਐੱਸ. ਸੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਜੰਮੂ ਕਸ਼ਮੀਰ ਦੇ ਲਖਨਪੁਰ ਵਿਖੇ ਸਥਿਤ ਗੁਰੂ ਨਾਨਕ ਮਿਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਖੂਬਸੂਰਤ ਇਮਾਰਤ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਤੇ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਮਤੇ ਪੜ੍ਹੇ ਗਏ ਅਤੇ ਉਨ੍ਹਾਂ ਨਮਿਤ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਵੀ ਕੀਤੇ ਗਏ। ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਜਥੇ ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਜਥੇ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਥੇ. ਜਰਨੈਲ ਸਿੰਘ ਕਰਤਾਰਪੁਰ, ਜਥੇ. ਖੁਸ਼ਵਿੰਦਰ ਸਿੰਘ ਭਾਟੀਆ, ਜਥੇ. ਸ਼ਿੰਗਾਰਾ ਸਿੰਘ ਲੋਹੀਆਂ, ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇ. ਅਮਰੀਕ ਸਿੰਘ ਵਿਛੋਆ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।


Gurminder Singh

Content Editor

Related News