ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਨੇ ਰਵਾਨਾ ਕੀਤਾ ਸ਼ਰਧਾਲੂਆਂ ਦਾ ਜਥਾ
Wednesday, Nov 17, 2021 - 01:21 PM (IST)
ਅੰਮ੍ਰਿਤਸਰ (ਸਰਬਜੀਤ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਕਾਰਨ ਦੇਰ ਬਾਅਦ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ। ਜਥੇ ਦੇ ਹਰ ਮੈਂਬਰ ਅੰਦਰ ਗੁਰਧਾਮਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੂਤਾਵਾਸ ਨੂੰ ਹਰ ਸ਼ਰਧਾਲੂ ਨੂੰ ਵੀਜ਼ਾ ਜਾਰੀ ਕਰਨਾ ਚਾਹੀਦਾ ਹੈ, ਕਿਉਂਕਿ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਅੰਦਰ ਨਿਰਾਸ਼ਾ ਪੈਦਾ ਹੁੰਦੀ ਹੈ। ਇਸ ਮੌਕੇ ਜਥੇ ਦੇ ਆਗੂ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ, ਕਿਉਂਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਮਾਣ ਮਿਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਦੱਸਣਯੋਗ ਹੈ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ