ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਧਾਲੀਵਾਲ, ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

Sunday, May 08, 2022 - 04:07 PM (IST)

ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਧਾਲੀਵਾਲ, ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਰਾਮ ਤੀਰਥ (ਸੂਰੀ) : ਸ੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ, ਪੰਚਾਇਤ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਵਨ ਪਵਿੱਤਰ ਸਰੋਵਰ ਵਾਟਰ ਫਿਲਟਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਸਮੇਂ ਕੀਤਾ। ਧਾਲੀਵਾਲ ਨੇ ਕਿਹਾ ਕਿ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ ਅਤੇ ਇਸਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਟਰ ਫਿਲਟਰੇਸ਼ਨ ਪਲਾਂਟ ਦੇ ਚਾਲੂ ਹੋਣ ਨਾਲ ਸੰਗਤਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਹੋਵੇਗਾ।

ਇਸ ਤੋਂ ਪਹਿਲਾਂ ਧਾਲੀਵਾਲ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਸ੍ਰੀ ਵਾਲਮੀਕਿ ਤੀਰਥ ਸ਼ਰਾਈਣ ਬੋਰਡ ਦੇ ਮੈਂਬਰਾਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਧਾਲੀਵਾਲ ਨੇ ਕਿਹਾ ਕਿ ਉਹ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਆਏ ਹਨ ਅਤੇ ਉਨ੍ਹਾਂ ਨੂੰ ਇਸ ਮੌਕੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਇਸ ਤੀਰਥ ਦਾ ਹੋਰ ਸੁੰਦਰੀਕਰਨ ਕਰਨ ਲਈ ਗੱਲਬਾਤ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ‘ਆਪ’ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐੱਸ.ਐੱਸ.ਪੀ. ਦਿਹਾਤੀ ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ, ਕੁਮਾਰ ਦਰਸ਼ਨ, ਓਮ ਪ੍ਰਕਾਸ਼ ਗੱਬਰ, ਜਨਰਲ ਮੈਨੇਜਰ ਪਵਿੰਦਰ ਕੁਮਾਰ, ਓਮ ਪ੍ਰਕਾਸ ਅਨਾਰਿਆ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ।


author

Gurminder Singh

Content Editor

Related News