ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਕੰਮ ਕੀਤਾ ਬੰਦ, ਪ੍ਰਸ਼ਾਸਨ ਅੱਗੇ ਰੱਖੀ ਵੱਡੀ ਮੰਗ
Tuesday, Nov 03, 2026 - 02:43 PM (IST)
ਚੰਡੀਗੜ੍ਹ (ਸ਼ੀਨਾ) : ਇੱਥੇ ਸੈਕਟਰ-42 ਸਥਿਤ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਦੇ ਮੁਲਾਜ਼ਮ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਦੀਵਾਲੀ ਵਰਗੇ ਵੱਡੇ ਤਿਉਹਾਰ ’ਤੇ ਵੀ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਆਪਣੀਆਂ ਮੰਗਾਂ ਵੱਲ ਧਿਆਨ ਦਿਵਾਉਣ ਲਈ ਸੋਮਵਾਰ ਨੂੰ ਮੁਲਾਜ਼ਮਾਂ ਨੇ ਕੰਮ ਛੱਡ ਦਿੱਤਾ ਸੀ। ਇਕ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ 5 ਨਵੰਬਰ ਤੱਕ ਤਨਖ਼ਾਹ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਪੀ. ਜੀ. ਜੀ. ਸੀ.-42 ਦੇ ਕਰਮਚਾਰੀ ਅਜੇ ਵੀ ਆਪਣੀ ਤਨਖ਼ਾਹ ਦੀ ਉਡੀਕ ਕਰ ਰਹੇ ਹਨ। ਤਨਖ਼ਾਹ ਨਾ ਮਿਲਣ ਕਾਰਨ ਘਰ ਦਾ ਖ਼ਰਚਾ ਚਲਾਉਣਾ, ਬੱਚਿਆਂ ਦੀ ਸਕੂਲ ਫ਼ੀਸ ਜਮ੍ਹਾਂ ਕਰਵਾਉਣਾ ਅਤੇ ਤਿਉਹਾਰ ਮਨਾਉਣਾ ਵੀ ਮੁਸ਼ਕਲ ਹੋ ਗਿਆ ਹੈ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਸਕੂਲਾਂ ਵੱਲੋਂ ਬੱਚਿਆਂ ਦੀ ਫ਼ੀਸ ਜਮ੍ਹਾਂ ਕਰਵਾਉਣ ਲਈ ਲਗਾਤਾਰ ਸੁਨੇਹੇ ਭੇਜੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਆਪਣੀ ਮਿਹਨਤ ਦੀ ਕਮਾਈ ਹੀ ਨਹੀਂ ਮਿਲ ਰਹੀ। ਇਸ ਕਾਰਨ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ’ਚ ਕਾਫ਼ੀ ਮੁਸ਼ਕਲ ਆ ਰਹੀ ਹੈ। ਕਰਮਚਾਰੀਆਂ ਨੇ ਇਸ ਮਾਮਲੇ ਸਬੰਧੀ ਕਾਲਜ ਪ੍ਰਿੰਸੀਪਲ ਨਾਲ ਮੁਲਾਕਾਤ ਕਰਨ ਦਾ ਸਮਾਂ ਮੰਗਿਆ ਸੀ ਤਾਂ ਜੋ ਉਹ ਆਪਣੀ ਸਮੱਸਿਆ ਰੱਖ ਸਕਣ। ਹਾਲਾਂਕਿ ਉਨ੍ਹਾਂ ਮੁਤਾਬਕ ਪ੍ਰਿੰਸੀਪਲ ਨੇ ਤੁਰੰਤ ਮਿਲਣ ਦੀ ਬਜਾਏ ਦੁਪਹਿਰ ਤੋਂ ਬਾਅਦ ਮੁਲਾਕਾਤ ਕਰਨ ਦੀ ਗੱਲ ਕਹੀ। ਕਾਲਜ ਦੇ ਸੁਪਰਡੈਂਟ ਨੇ ਕਰਮਚਾਰੀਆਂ ਨੂੰ ਦੱਸਿਆ ਕਿ ਡਾਇਰੈਕਟਰ ਹਾਇਰ ਐਜੂਕੇਸ਼ਨ ਵੱਲੋਂ ਲਿਖ਼ਤੀ ਤੌਰ ’ਤੇ ਸੂਚਿਤ ਕੀਤਾ ਗਿਆ ਹੈ ਕਿ ਤਨਖ਼ਾਹ ਜਾਰੀ ਕਰਨ ਸਬੰਧੀ ਫਿਲਹਾਲ ਕੋਈ ਹੁਕਮ ਪ੍ਰਾਪਤ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ
ਇਸ ਕਾਰਨ ਤਨਖ਼ਾਹ ਦਾ ਮਾਮਲਾ ਉੱਚ ਅਧਿਕਾਰੀਆਂ ਦੇ ਪੱਧਰ ’ਤੇ ਲਟਕਿਆ ਹੋਇਆ ਹੈ। ਕਰਮਚਾਰੀਆਂ ਨੇ ਸਵਾਲ ਚੁੱਕਿਆ ਕਿ ਜਦੋਂ ਉਹ ਨਿਯਮਿਤ ਤੌਰ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ ਤਾਂ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਕਿਉਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਉੱਚ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਕਾਇਆ ਤਨਖ਼ਾਹ ਤੁਰੰਤ ਜਾਰੀ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
