60 ਕਰੋੜ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਸ਼ੁਰੂ
Tuesday, Mar 27, 2018 - 02:58 AM (IST)

ਪਟਿਆਲਾ, (ਪ. ਪ.)- ਇਤਿਹਾਸਕ ਸ਼ਹਿਰ ਪਟਿਆਲਾ ਨੂੰ ਉਸ ਦੀ ਪੁਰਾਣੀ ਸੁੰਦਰ ਦਿੱਖ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੀ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਹੋ ਗਏ ਹਨ। ਇਹ ਪ੍ਰਗਟਾਵਾ ਅੱਜ ਇਥੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸ਼ਹਿਰ ਦੀਆਂ ਸੜਕਾਂ 'ਤੇ ਪ੍ਰੀਮਿਕਸ ਪੈਣ ਅਤੇ ਪ੍ਰਮੁੱਖ ਚੌਕਾਂ ਦੀ ਹੋ ਰਹੀ ਮੁਰੰਮਤ ਦੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਮਾਲ ਰੋਡ 'ਤੇ ਸਥਿਤ ਪਟਿਆਲਾ ਦੇ ਪੁਰਾਤਨ ਫੁਹਾਰਾ ਚੌਕ ਦੀ ਮੁਰੰਮਤ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜਸੀ ਵਿਤਕਰੇ ਕਾਰਨ ਪਟਿਆਲਾ ਨੂੰ ਇਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਵਿਕਾਸ ਪੱਖੋਂ ਅਣਗੌਲਿਆ ਰੱਖਿਆ ਗਿਆ ਜਿਸ ਕਾਰਨ ਜ਼ਿਲੇ ਦੀਆਂ ਸਾਰੀਆਂ ਸੜਕਾਂ, ਪ੍ਰਮੁੱਖ ਚੌਕਾਂ ਦੀ ਹਾਲਤ ਜਿਥੇ ਬਦਤਰ ਹੋ ਗਈ ਸੀ, ਉਥੇ ਹੀ ਸਫਾਈ ਪ੍ਰਬੰਧਾਂ ਦੀ ਅਣਹੋਂਦ ਅਤੇ ਸੀਵਰੇਜ ਲਾਈਨਾਂ ਦੀ ਸਫਾਈ ਨਾ ਹੋਣ ਕਾਰਨ ਸ਼ਹਿਰ ਨੇ ਨਰਕ ਦਾ ਰੂਪ ਧਾਰਨ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਨੂੰ ਪੁਰਾਣੀ ਸੁੰਦਰ ਦਿੱਖ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਕਰੋੜਾਂ ਰੁਪਏ ਖਰਚ ਕੇ ਸਰਬਪੱਖੀ ਵਿਕਾਸ ਦੇ ਕਾਰਜਾਂ ਨੂੰ ਵਿਧੀਵਤ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸ਼ਹਿਰ ਨਾਲ ਲਗਦੀਆਂ ਸਾਰੀਆਂ ਸੜਕਾਂ ਦੀ 60 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 5 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਪਟਿਆਲਾ ਦੇ ਫੋਕਲ ਪੁਆਇੰਟ ਦੀ ਵੀ ਕਇਆ-ਕਲਪ ਕੀਤੀ ਜਾ ਰਹੀ ਹੈ। ਸ਼ਹਿਰ ਨੂੰ ਗੰਦਗੀ ਤੋਂ ਨਿਜਾਤ ਦਿਵਾਉਣ ਲਈ ਜਿੱਥੇ ਅੰਡਰ-ਗਰਾਊਂਡ ਡਸਟਬਿਨ ਲਾਏ ਜਾ ਰਹੇ ਹਨ, ਉਥੇ ਪੂਰੀ ਤਰ੍ਹਾਂ ਬੰਦ ਹੋ ਚੁੱਕੇ ਸੀਵਰੇਜ ਦੀ ਆਟੋਮੈਟਿਕ ਮਸ਼ੀਨਾਂ ਨਾਲ ਸਫਾਈ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿਤਕਰੇ ਕਾਰਨ ਪੂਰੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਬੰਦ ਹੋ ਗਈਆਂ ਸਨ ਪਰ ਹੁਣ 12 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ ਸ਼ਹਿਰ ਨੂੰ 33 ਹਜ਼ਾਰ ਐੱਲ. ਈ. ਡੀ. ਲਾਈਟਾਂ ਨਾਲ ਰੁਸ਼ਨਾਇਆ ਜਾ ਰਿਹਾ ਹੈ।
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨਾਲ ਮੇਅਰ ਸੰਜੀਵ ਸ਼ਰਮਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਮੁੱਖ ਮੰਤਰੀ ਦੇ ਓ. ਐੈੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕਾਂਗਰਸ ਦੇ ਬਲਾਕ ਪ੍ਰਧਾਨ ਨਰੇਸ਼ ਦੁੱਗਲ, ਐੈੱਸ. ਈ. ਸ੍ਰੀ ਐੈੱਮ. ਐੈੱਮ. ਸਿਆਲ, ਐਕਸੀਅਨ ਸ਼ਾਮ ਲਾਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਕਈ ਅਧਿਕਾਰੀ ਵੀ ਹਾਜ਼ਰ ਸਨ।