ਭਲਕੇ ਜਲਾਲਪੁਰ ''ਚ ਰਾਜ ਪੱਧਰੀ ਨਸ਼ਾ ਮੁਕਤੀ ਸਮਾਗਮ, CM ਮਾਨ ਤੇ ਕੇਜਰੀਵਾਲ ਕਰਨਗੇ ਸੰਬੋਧਨ
Friday, May 16, 2025 - 08:46 PM (IST)

ਹੁਸ਼ਿਆਰਪੁਰ (ਘੁੰਮਣ) : ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਦੇ ਤਹਿਤ 17 ਮਈ ਨੂੰ ਬਲਾਕ ਟਾਂਡਾ ਦੇ ਪਿੰਡ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਖੇ ਰਾਜ ਪੱਧਰੀ ਨਸ਼ਾ ਮੁਕਤੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਕੇ ਜਨਸਭਾ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਅੱਜ ਜਲਾਲਪੁਰ ਵਿਖੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਏਡੀਸੀ ਨਿਕਾਸ ਕੁਮਾਰ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਹ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੋਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਮਾਗਮ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨੂੰ ਸਮੇਂਬੱਧ ਅਤੇ ਪ੍ਰਭਾਵੀ ਢੰਗ ਨਾਲ ਪੂਰਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਇਆ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਹਰ ਪੱਧਰ ’ਤੇ ਤਾਲਮੇਲ ਕੀਤਾ ਜਾਵੇਗਾ। ਅਧਿਕਾਰੀਆਂ ਨੂੰ ਸਫਾਈ, ਟਰੈਫਿਕ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪਾਣੀ, ਮੈਡੀਕਲ ਸਹੂਲਤਾਂ, ਮੰਚ ਪ੍ਰਬੰਧ ਆਦਿ ਨਾਲ ਜੁੜੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਸਹਾਇਕ ਕਮਿਸ਼ਨਰ ਓਏਸ਼ੀ ਮੰਡਲ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਐਸ.ਪੀ. ਨਵਨੀਤ ਕੌਰ ਗਿੱਲ ਅਤੇ ਹੋਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8