550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ
Monday, Sep 30, 2019 - 02:14 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਜਯ ਰਾਮ ਠਾਕੁਰ, ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਆਦਿ ਸ਼ਾਮਲ ਹੋਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਿਜ ਮੈਦਾਨ ਸ਼ਿਮਲਾ ਵਿਖੇ ਕਰਵਾਏ ਇਸ ਸਮਗਾਮ 'ਚ ਭਾਰੀ ਮੀਂਹ ਦੌਰਾਨ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੀ ਸਿੱਖਿਆ ਨੂੰ ਸਭ ਲਈ ਸਾਂਝੀ ਦੱਸਿਆ।
ਸੂਬੇ ਦੇ ਮੁੱਖ ਮਤਰੀ ਸ੍ਰੀ ਜਯ ਰਾਮ ਠਾਕੁਰ ਨੇ ਕਿਹਾ ਕਿ ਅਜੌਕੇ ਸਮੇਂ 'ਚ ਗੁਰੂ ਸਾਹਿਬ ਦੇ ਉਪਦੇਸ਼ ਹੋਰ ਪ੍ਰਸੰਗਕ ਹਨ, ਜਿਨ੍ਹਾਂ 'ਤੇ ਚੱਲ ਕੇ ਸਾਨੂੰ ਆਪਣਾ ਜੀਵਨ ਸੁਖਦਾਈ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਸ਼ਵ ਪ੍ਰਸੰਗ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਮਾਗਮ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਮਨੁੱਖਤਾ ਲਈ ਕਲਿਆਣਕਾਰੀ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਾਗਮ 'ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿਖੇ ਧਰਮ ਪ੍ਰਚਾਰ ਕਾਰਜ ਹੋਰ ਤੇਜ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਅੰਦਰ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਰਾਹੀਂ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰੇਰਨਾ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਦੀ ਸਮਾਗਮਾਂ ਸਮੇਂ ਸ਼ਮੂਲੀਅਤ ਹੋ ਸਕੇ।
ਉਨ੍ਹਾਂ ਨੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਦੇ ਯਤਨਾਂ ਨੂੰ ਸਲਾਹਿਆ ਅਤੇ ਮੁੱਖ ਮੰਤਰੀ ਅਤੇ ਮਾਨਯੋਗ ਰਾਜਪਾਲ ਦਾ ਸਮਾਗਮ 'ਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ, ਗਵਰਨਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।