550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਰੂਕਸ਼ੇਤਰ 'ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

Saturday, Sep 07, 2019 - 05:39 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਰੂਕਸ਼ੇਤਰ 'ਚ ਰਾਜ ਪੱਧਰੀ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ (ਦੀਪਕ ਸ਼ਰਮਾ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਹਰਿਆਣਾ ਦੇ ਕੁਰੂਕਸ਼ੇਤਰ 'ਚ ਰਾਜ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ 40 ਹਜ਼ਾਰ ਤੋਂ ਵੱਧ ਸੰਗਤਾਂ ਨੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੇ ਯਤਨਾਂ ਨਾਲ ਕੁਰੂਕਸ਼ੇਤਰ ਦੀ ਦਾਣਾ ਮੰਡੀ 'ਚ ਸਜਾਏ ਵਿਸ਼ਾਲ ਪੰਡਾਲ 'ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਗਿਆਨੀ ਜੋਤਇੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਵੱਡੀ ਗਿਣਤੀ 'ਚ ਸੰਤ ਸਮਾਜ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰਮਤਿ ਦੇ ਬ੍ਰਹਿਮੰਡੀ ਸਿਧਾਂਤਾਂ ਦੀ ਰੌਸ਼ਨੀ 'ਚ ਕਥਾ ਵਿਚਾਰਾਂ ਕੀਤੀਆਂ।

PunjabKesari

ਸਮਾਗਮ ਮੌਕੇ ਆਪਣੇ ਸੰਬੋਧਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਅਤੇ ਗੁਰੂ ਪੰਥ ਪ੍ਰਤੀ ਸਮਰਪਣ ਭਾਵਨਾ ਹਰ ਸਿੱਖ ਲਈ ਜ਼ਰੂਰੀ ਹੈ ਅਤੇ ਜਿੰਨਾ ਚਿਰ ਅਸੀਂ ਇਨਾਂ ਦੋਹਾਂ ਨਾਲ ਜੁੜੇ ਰਹਾਂਗੇ, ਓਨਾ ਚਿਰ ਕੋਈ ਵੀ ਦੁਸ਼ਮਣ ਤਾਕਤ ਕੌਮ ਦਾ ਕੁਝ ਨਹੀਂ ਵਿਗਾੜ ਸਕਦੀ। ਉਨਾਂ ਸੰਗਤ ਨੂੰ ਅਪੀਲ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਸਿੱਖ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੋੜਨ ਲਈ ਅੱਗੇ ਆਵੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ 'ਤੇ ਚੱਲਦਿਆਂ ਵਿਸ਼ਵ ਭਰ ਅੰਦਰ ਆਪਣੀ ਹੋਂਦ ਸਥਾਪਤ ਕੀਤੀ ਹੈ ਅਤੇ ਸਮੁੱਚੇ ਵਿਸ਼ਵ ਅੰਦਰ ਸਿੱਖ ਸੱਭਿਆਚਾਰ ਅਤੇ ਕਦਰਾਂ ਕੀਮਤਾਂ ਦੀ ਵਿਲੱਖਣ ਪਹਿਚਾਣ ਹੈ। ਉਨਾਂ ਕਿਹਾ ਕਿ ਪਹਿਲੇ ਪਾਤਸ਼ਾਹ ਦਾ 550ਵਾਂ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੇ ਮੁੱਲਵਾਨ ਉਪਦੇਸ਼ਾਂ ਨੂੰ ਹੋਰ ਪ੍ਰਚਾਰਨ ਦਾ ਸੁਨਹਿਰੀ ਮੌਕਾ ਹੈ, ਜਿਸ ਨੂੰ ਸਾਰਥਕ ਕਰਨ ਲਈ ਸਮੁੱਚੀ ਕੌਮ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨਾਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਵੀ ਕੀਤੀ।

PunjabKesari 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੁਰੂਕਸ਼ੇਤਰ ਵਿਖੇ ਪਹਿਲੇ ਪਾਤਸ਼ਾਹ ਜੀ ਨੇ ਲੋਕਾਈ ਨੂੰ ਸੱਚ ਧਰਮ ਦਾ ਉਪਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ। ਉਨਾਂ ਕਿਹਾ ਕਿ ਵਰਤਮਾਨ ਸਮੇਂ ਵੀ ਮਨੁੱਖੀ ਸਮੱਸਿਆਵਾਂ ਦੇ ਹੱਲ ਲਈ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚੱਲਣ ਦੀ ਜ਼ਰੂਰਤ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ 'ਚ ਭਰਵੀਂ ਸ਼ਮੂਲੀਅਤ ਲਈ ਸੱਦਾ ਦਿੱਤਾ। ਇਸ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੇ ਗਿਆਨੀ ਜੋਤਇੰਦਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ. ਰਘੂਜੀਤ ਸਿੰਘ ਵਿਰਕ ਨੇ ਸਨਮਾਨਿਤ ਵੀ ਕੀਤਾ। ਸਟੇਜ ਦੀ ਸੇਵਾ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੇ ਨਿਭਾਈ।

PunjabKesari

ਦੱਸਣਯੋਗ ਹੈ ਕਿ ਇਸ ਮੌਕੇ 'ਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਹਿੱਤ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਬਲਦੇਵ ਸਿੰਘ ਕਾਇਮਪੁਰ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖ਼ਾਲਸਾ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਮਨਜੀਤ ਕੌਰ ਗਧੌਲਾ, ਸ. ਸ਼ਰਨਜੀਤ ਸਿੰਘ ਸੋਥਾ, ਸ. ਬਲਕੌਰ ਸਿੰਘ ਐਮ.ਐਲ.ਏ., ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ, ਬਾਬਾ ਰਜਿੰਦਰ ਸਿੰਘ ਖ਼ਾਲਸਾ ਇਸਰਾਣਾ ਸਾਹਿਬ, ਬਾਬਾ ਗੁਰਵਿੰਦਰ ਸਿੰਘ ਮਾਂਡੀਵਾਲੇ, ਬਾਬਾ ਰਾਮ ਸਿੰਘ ਨਿਰਮਲ ਕੁਟੀਆ ਕਰਨਾਲ, ਬਾਬਾ ਕਸ਼ਮੀਰ ਸਿੰਘ ਨਾਨਕਸਰ ਕਰਨਾਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸੁੱਖਾ ਸਿੰਘ ਕਰਨਾਲ, ਬਾਬਾ ਸੁਬੇਗ ਸਿੰਘ ਕਾਰਸੇਵਾ ਵਾਲੇ, ਬਾਬਾ ਗੁਰਮੀਤ ਸਿੰਘ ਭਾਨੋਖੇੜੀ, ਮਹੰਤ ਕਰਮਜੀਤ ਸਿੰਘ ਸੇਵਾ ਪੰਥੀ, ਬਾਬਾ ਬਾਬੂ ਸਿੰਘ, ਬਾਬਾ ਜੋਗਾ ਸਿੰਘ ਤਰਾਵੜੀ, ਬਾਬਾ ਮੇਹਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਦਰਸ਼ਨ ਸਿੰਘ, ਬੀਬੀ ਜਸਵਿੰਦਰ ਕੌਰ ਦਰੜ, ਬਾਬਾ ਦਿਲਬਾਗ ਸਿੰਘ ਸ਼ੇਖੂਪੁਰਾ, ਬਾਬਾ ਗੁਰਬਚਨ ਸਿੰਘ ਅਸੰਧ, ਬਾਬਾ ਭੁਪਿੰਦਰ ਸਿੰਘ, ਬਾਬਾ ਸੰਤਾ ਸਿੰਘ, ਬਾਬਾ ਜੱਸਾ ਸਿੰਘ ਬੁੱਢਾ ਦਲ, ਗਿਆਨੀ ਕਰਨੈਲ ਸਿੰਘ ਗਰੀਬ, ਗਿਆਨੀ ਰਣਜੀਤ ਸਿੰਘ ਗੌਹਰ, ਬਾਬਾ ਜਸਪ੍ਰੀਤ ਸਿੰਘ, ਸ. ਸੁਖਦੇਵ ਸਿੰਘ ਗੋਬਿੰਦਗੜ, ਸ. ਅਮਰਜੀਤ ਸਿੰਘ ਮੰਗੀ, ਸ. ਗੁਰਜੀਤ ਸਿੰਘ ਭਾਨੋਖੇੜੀ, ਬੀਬੀ ਕਰਤਾਰ ਕੌਰ, ਬੀਬੀ ਰਜਿੰਦਰ ਕੌਰ ਅਜਰਾਣਾ, ਸ. ਕੰਵਲਜੀਤ ਸਿੰਘ ਅਜਰਾਣਾ, ਇੰਜ: ਬਲਬੀਰ ਸਿੰਘ, ਸ. ਬਲਕਾਰ ਸਿੰਘ, ਸ. ਸੁਖਬੀਰ ਸਿੰਘ ਮਾਂਡੀ, ਸ. ਅਵਤਾਰ ਸਿੰਘ ਸੈਂਪਲਾ, ਸ. ਮੰਗਪ੍ਰੀਤ ਸਿੰਘ ਤੇ ਸ. ਪਰਮਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ।


author

Iqbalkaur

Content Editor

Related News