ਪੰਜਾਬ ਸਰਕਾਰ ’ਤੇ SGPC ਪ੍ਰਧਾਨ ਐਡਵੋਕੇਟ ਧਾਮੀ ਦਾ ਬਿਆਨ
Tuesday, Mar 21, 2023 - 12:08 AM (IST)
ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ ਕਿਸੇ ਦੋਸ਼ ਦੇ ਮਨਘੜਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜੀ ਸੂਬੇ ਦੇ ਹਿੱਤ ’ਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਹਾਲਾਤ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਇ ਸ਼ਾਮਲ ਕਰਨਾ ਬੇਹੱਦ ਮੰਦਭਾਗਾ ਹੈ।
ਇਹ ਖ਼ਬਰ ਵੀ ਪੜ੍ਹੋ : CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਫ਼ ਤੌਰ ’ਤੇ ਕਿਹਾ ਕਿ ਪੰਜਾਬ ਦੀ ਸਿੱਖ ਨੌਜਵਾਨੀ ਨੇ ਇਕੱਲੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਪਰ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ’ਤੇ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਗ਼ਲਤੀ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ’ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸਿੱਖ ਨੌਜਵਾਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਹੀ ਮੰਨੀ ਜਾਵੇਗੀ।