ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਖ-ਵੱਖ- ਸਿਆਸੀ ਆਗੂਆਂ ਦੇ ਬਿਆਨ ਆਏ ਸਾਹਮਣੇ

05/29/2022 7:35:42 PM

ਚੰਡੀਗੜ੍ਹ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਨ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਾਜਪਾ ਆਗੂ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਟਵੀਟ ਕਰਦਿਆਂ ਕਿਹਾ, ''ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸਸਤਾ ਪ੍ਰਚਾਰ ਹਾਸਲ ਕਰਨ ਲਈ ਸੁਰੱਖਿਆ ਦੇ ਮੁੱਦਿਆਂ ਨਾਲ ਛੇੜਛਾੜ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।''

PunjabKesari

 

ਸਿੱਧੂ ਮੂਸੇਵਾਲਾ ਦੇ ਕਤਲ ਦਾ ਪਰਚਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹੋਣਾ ਚਾਹੀਦਾ : ਡਾ. ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਇਸ ਦੌਰਾਨ ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ 'ਤੇ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਿੱਧੂ ਮੂਸੇਵਾਲਾ 'ਤੇ ਹੋਇਆ ਹਮਲਾ ਅਤੇ ਉਸ ਦੀ ਹੋਈ ਮੌਤ ਦਾ ਜ਼ਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੀ ਹੈ।

ਇਹ ਇਕ ਸਿਆਸੀ ਕਤਲ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ (ਬਿਊਰੋ) : ਸਾਬਕਾ PCC ਪ੍ਰਧਾਨ, ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਕਿਹਾ ਕਿ ਇਹ ਇਕ ਸਿਆਸੀ ਕਤਲ ਹੈ। ਮੈਂ ਕੱਲ੍ਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਜਾਵਾਂਗਾ। ਪ੍ਰਮਾਤਮਾ ਇਸ ਔਖੇ ਸਮੇਂ 'ਚ ਸਾਰੇ ਪਰਿਵਾਰ ਨੂੰ ਬਲ ਬਖਸ਼ੇ।

PunjabKesari

ਸੂਬੇ 'ਚ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ 'ਤੇ ਠੱਲ੍ਹ ਪਾਵੇ ਮਾਨ ਸਰਕਾਰ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗਾਇਕੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਵਕਤ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨੂੰ ਸੁਣਨ ਵਾਲੇ ਨੌਜਵਾਨ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪੰਜਾਬੀ ਸੰਗੀਤ ਜਗਤ ਵਿੱਚ ਵੀ ਬਹੁਤ ਵੱਡਾ ਖਲਾਅ ਪੈਦਾ ਹੋ ਗਿਆ ਹੈ।

ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਆਗੂਆਂ ਨੇ ਪੰਜਾਬ ਦੀ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ 'ਤੇ ਵੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲੋੜਵੰਦ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਅਪੀਲ ਕੀਤੀ ਹੈ।

ਇਥੇ ਜਾਰੀ ਇਕ ਸਾਂਝੇ ਬਿਆਨ 'ਚ ਉਪਰੋਕਤ ਦੋਵੇਂ ਸੀਨੀਅਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਗੈਂਗਵਾਰ ਅਤੇ ਹੋਰਨਾਂ ਅਪਰਾਧਕ ਵਾਰਦਾਤਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ। ਸੁਖਦੇਵ ਢੀਂਡਸਾ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦੀ ਬਜਾਏ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਤਾਂ ਜੋ ਇਨ੍ਹਾਂ ਅਪਰਾਧਕ ਵਾਰਦਾਤਾਂ ਵਿੱਚ ਸ਼ਿਕਾਰ ਬਣ ਰਹੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।


Mukesh

Content Editor

Related News