ਪਰਾਲੀ ਸਾੜਨ ’ਤੇ ਰੋਕ ਲਗਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਕੁਲਦੀਪ ਧਾਲੀਵਾਲ
Sunday, Sep 11, 2022 - 07:23 PM (IST)
ਚੰਡੀਗੜ੍ਹ/ਲੁਧਿਆਣਾ (ਬਿਊਰੋ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ ’ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ ਲਈ ਹੈ ਅਤੇ ਇਸ ਸੀਜ਼ਨ ’ਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56,000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 146422 ਹੋ ਜਾਵੇਗੀ ਕਿਉਂਕਿ ਪਹਿਲਾਂ ਹੀ 2018-2022 ਤੱਕ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ। ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ’ਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ’ਚ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ’ਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਪ੍ਰਤੀ ਜਾਗਰੂਕ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਜਰਮਨੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਟਵੀਟ ਕਰ ਕਹੀ ਇਹ ਗੱਲ
ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਦੀ ਪੇਂਡੂ ਪੱਟੀ ’ਚ ਇਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ’ਚ ਪੇਂਡੂ ਵਿਕਾਸ ਅਤੇ ਪੰਚਾਇਤ, ਵਾਤਾਵਰਣ ਵਿਭਾਗ ਦੇ ਕਰਮਚਾਰੀ, ਗ਼ੈਰ-ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਦੇ ਅਮਲ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ। ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਲਾਭ ਦੇਣ ਦੀ ਤਜਵੀਜ਼ ਨੂੰ ਠੁਕਰਾਏ ਜਾਣ ’ਤੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ’ਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ’ਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ, ਜਦਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਅਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ : ASI ਸਤੀਸ਼ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ
ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਈ ਕਿਸਾਨ ਖੇਤੀ ਸੰਦਾਂ ’ਤੇ ਸਬਸਿਡੀ ਦਾ ਲਾਭ ਲੈਣ ’ਚ ਅਸਫਲ ਰਹੇ ਅਤੇ 150 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਇਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪਰਾਲੀ ਸਾੜਨ ਦੀ ਸਮੱਸਿਆ ਦੇ ਖਾਤਮੇ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਧਾਲੀਵਾਲ ਨੇ ਉਮੀਦ ਪ੍ਰਗਟਾਈ ਕਿ ਇਸ ਸਾਲ ਇਕ ਵੀ ਕਿਸਾਨ ਪਰਾਲੀ ਸਾੜਨ ਦੀ ਇਸ ਕਾਰਵਾਈ ’ਚ ਸ਼ਾਮਲ ਨਹੀਂ ਹੋਵੇਗਾ। ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।