ਨਹਿਰਾਂ, ਦਰਿਆਵਾਂ ''ਚ ਨਹਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ
Friday, Jun 26, 2026 - 04:39 PM (IST)
ਰੂਪਨਗਰ/ਕੀਰਤਪੁਰ ਸਾਹਿਬ (ਵਿਜੇ ਸ਼ਰਮਾ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ ਪੰਜ 'ਚ ਪੈਂਦੀ ਪਿੰਡ ਕਲਿਆਣਪੁਰ ਦੀ ਲੋਹੰਡ ਖੱਡ ਵਿਚ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦਾ ਪਾਣੀ ਆਉਂਦਾ ਹੈ ਅਤੇ ਇਹ ਪਾਣੀ ਅੱਗੇ ਸਤਲੁਜ ਦਰਿਆ ਨੂੰ ਜਾਂਦਾ ਹੈ। ਇਸ ਦਾ ਦੌਰਾ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਆਈ. ਏ. ਐੱਸ. ਵੱਲੋਂ ਅੱਜ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਸਮੇਤ ਕਰਕੇ ਇਲਾਕੇ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਖੱਡ ਨੇੜੇ ਹੋਰ ਕੰਡੇਦਾਰ ਤਾਰ ਲਗਾਉਣ ਅਤੇ ਚਿਤਾਵਨੀ ਬੋਰਡ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕ ਇਥੇ ਨਹਾਉਣ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਜ਼ਿਕਰਯੋਗ ਹੈ ਕਿ ਲੋਹੰਡ ਖੱਡ 'ਚ ਇਸੇ ਮਹੀਨੇ ਵੱਖ-ਵੱਖ ਮਿਤੀਆਂ ਨੂੰ ਨਹਾਉਂਦੇ ਸਮੇਂ ਤਿੰਨ ਨੌਜਵਾਨਾਂ ਦੀ ਤੇਜ਼ ਪਾਣੀ 'ਚ ਰੁੜਨ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਪੰਜਾਬ ਪੁਲਸ ਦਾ ਲੁਧਿਆਣੇ ਨਾਲ ਸਬੰਧਤ ਇਕ ਕਾਂਸਟੇਬਲ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੰਡ ਖੱਡ 'ਚ ਪਾਣੀ ਦਾ ਵਹਾਅ ਕਾਫ਼ੀ ਤੇਜ਼ ਰਹਿੰਦਾ ਹੈ, ਜਿਸ ਕਾਰਨ ਇਥੇ ਅਕਸਰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਥਾਵਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰਨ। ਖ਼ਾਸ ਤੌਰ 'ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜਕਲ੍ਹ ਕਈ ਨੌਜਵਾਨ ਸੋਸ਼ਲ ਮੀਡੀਆ 'ਤੇ ਵੀਡੀਓ ਜਾਂ ਰੀਲ ਬਣਾਉਣ ਲਈ ਖ਼ਤਰਨਾਕ ਥਾਵਾਂ 'ਤੇ ਜਾਂਦੇ ਹਨ, ਜੋ ਉਨ੍ਹਾਂ ਦੀ ਜਾਨ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤਰ੍ਹਾਂ ਦੀ ਲਾਪਰਵਾਹੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਲੋਹੰਡ ਖੱਡ 'ਚ ਨਹਾਉਣ ਤੋਂ ਰੋਕਣ ਲਈ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਖ਼ਤਰਨਾਕ ਥਾਵਾਂ 'ਤੇ ਚਿਤਾਵਨੀ ਬੋਰਡ, ਬੈਰੀਕੇਡਿੰਗ ਅਤੇ ਪੁਲਸ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
ਡਿਪਟੀ ਕਮਿਸ਼ਨਰ ਅਦਿੱਤਿਆ ਡੱਚਲਵਾਲ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦਰਿਆਵਾਂ, ਨਹਿਰਾਂ ਜਾਂ ਲੋਹੰਡ ਖੱਡ ਵਿੱਚ ਨਹਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਖ਼ਤਰਨਾਕ ਜਲ ਸਰੋਤਾਂ ਵਿੱਚ ਨਹਾਉਣ ਤੋਂ ਗੁਰੇਜ਼ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਜਿਹੀਆਂ ਦੁਖ਼ਦਾਈ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਐੱਸ. ਪੀ. ਅਰਵਿੰਦ ਮੀਨਾ, ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡੀ. ਐੱਸ. ਪੀ. ਨੰਗਲ ਨਵੀਨ ਕੁਮਾਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਸੁਰੱਖਿਆ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
