ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਨੇ ਕੱਸੀ ਕਮਰ, ਸ਼ਹਿਰ ਦੀ ਸੁਰੱਖਿਆ ਲਈ ਬਣਾਈ ਇਹ ਯੋਜਨਾ
Wednesday, Jan 25, 2023 - 01:45 PM (IST)
ਜਲੰਧਰ (ਸੁਧੀਰ)- ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਚੌਕਸੀ ਵਰਤਣ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਰਾਤ ਨੂੰ ਵੀ ਪੀ. ਸੀ. ਆਰ. ਟੀਮਾਂ ਨੂੰ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ਹਿਰ ਵਿਚ ਸ਼ੱਕੀਆਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਵੀ ਸੀਲ ਕੀਤਾ ਜਾ ਰਿਹਾ ਹੈ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਸਾਰੇ ਵਾਹਨ ਚਾਲਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਆਪਣੀ-ਆਪਣੀ ਸਬ-ਡਿਵੀਜ਼ਨ ਅੰਦਰ ਫੀਲਡ ਵਿਚ ਰਹਿਣ ਅਤੇ ਨਾਕਿਆਂ ਦੀ ਸੁਪਰਵਿਜ਼ਨ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮਨੋਬਲ ਵਧਿਆ, ਗੈਂਗਸਟਰਾਂ ਦਾ ਖ਼ਾਤਮਾ ਕਰਕੇ ਹੀ ਸਾਹ ਲਵਾਂਗੇ: ਗੌਰਵ ਯਾਦਵ
ਇਸੇ ਕੜੀ ਅਧੀਨ ਮੰਗਲਵਾਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕਰ ਕੇ ਪਰੇਡ ਦੀ ਫਾਈਨਲ ਰਿਹਰਸਲ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ 1000 ਦੇ ਲਗਭਗ ਜਵਾਨਾਂ ਨੂੰ ਸ਼ਹਿਰ ਵਿਚ ਤਾਇਨਾਤ ਕੀਤਾ ਜਾ ਿਰਹਾ ਹੈ। ਇਸਦੇ ਨਾਲ ਹੀ ਸਿਵਲ ਕੱਪੜਿਆਂ ਵਿਚ ਵੀ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ, ਜਦੋਂ ਕਿ ਸਟੇਡੀਅਮ ਨੇੜਲੇ ਰਸਤਿਆਂ ਨੂੰ ਕੱਲ ਤੋਂ ਹੀ ਸੁਰੱਖਿਆ ਪ੍ਰਬੰਧਾਂ ਲਈ ਸੀਲ ਕਰ ਦਿੱਤਾ ਜਾਵੇਗਾ। ਟਰੈਫਿਕ ਰੂਟ ਨੂੰ ਵੀ ਡਾਈਵਰਟ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਚੀਜ਼ ਦੀ ਸੂਚਨਾ ਪੁਲਸ ਕੰਟਰੋਲ ਰੂਮ ਵਿਚ ਦੇਣ। ਇਸ ਮੌਕੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ, ਡੀ. ਸੀ. ਪੀ. ਹੈੱਡਕੁਆਰਟਰ ਵਤਸਲਾ ਗੁਪਤਾ ਸਮੇਤ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਣਗੀਆਂ ਠੰਡੀਆਂ ਹਵਾਵਾਂ ਤੇ ਪੈ ਸਕਦੈ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।