ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਨਾ ਮੰਨਣ 'ਤੇ ਹੋਵੇਗੀ ਵੱਡੀ ਕਾਰਵਾਈ
Tuesday, Jan 28, 2025 - 09:16 PM (IST)
ਗੁਰਦਾਸਪੁਰ (ਹਰਮਨ)- ਆਈ.ਏ.ਐੱਸ. ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਉਨ੍ਹਾਂ ਨੇ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ ਅਤੇ ਨਾ ਹੀ ਕੋਈ ਪਸ਼ੂਆਂ ਨੂੰ ਅਵਾਰਾ ਛੱਡੇਗਾ।
ਉਨ੍ਹਾਂ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨ੍ਹਾਂ ਪਾਸ ਮਿਲਣ ਆਵੇ ਜਾਂ ਉਨ੍ਹਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦਿੱਤੀ ਜਾਵੇ। ਉਨ੍ਹਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ।
ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫ਼ੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ, ਜਿਸ ਦੀ ਪਹਿਚਾਣ ਬਾਰੇ ਸਾਈਬਰ ਕੈਫ਼ੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ, ਉਸ ਨੂੰ ਸਾਈਬਰ ਕੈਫ਼ੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ ਤੇ ਕੈਫ਼ੇ 'ਚ ਆਉਣ ਵਾਲੇ ਤੇ ਪ੍ਰਯੋਗਕਰਤਾ ਦੀ ਪਹਿਚਾਣ ਰਜਿਸਟਰ ਵਿੱਚ ਦਰਜ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸ ਦਾ ਨਾਂ, ਪਤਾ, ਟੈਲੀਫ਼ੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫ਼ੋਟੋ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ
ਇਸ ਤੋਂ ਇਲਾਵਾ ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੌਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਚਾਹੀਦਾ ਹੈ।
ਇਨ੍ਹਾਂ ਹੁਕਮਾਂ ਰਾਹੀਂ ਇਕ ਹੋਰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ਰਿਕਸ਼ਾ/ਟਰੈਕਟਰ/ਰੇਹੜੀ ਅਤੇ ਹੋਰ ਕੋਈ ਗੱਡੀ, ਜਿਸ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ। ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਵੀ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼. ਪਰਸਨਲ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ।
ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ 'ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ। ਜ਼ਿਲ੍ਹਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ- 'ਬਦਮਾਸ਼' ਪਿਸਤੌਲ ਲਹਿਰਾ ਕੇ ਖ਼ਾਲੀ ਕਰਵਾ ਰਹੇ ਰਾਹ ! ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋਈ ਵੀਡੀਓ
ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੁੱਕਿਆਂ ਦੀ ਸਵਾਰੀ ਅਤੇ ਘੜੁੱਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪ੍ਰਿੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e