ਨਸ਼ਾ ਸਮੱਗਲਰਾਂ ਦੀ ਮਦਦ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ : ਡੀ. ਸੀ. ਥੋਰੀ

06/27/2024 1:12:16 PM

ਅੰਮ੍ਰਿਤਸਰ(ਨੀਰਜ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਪੰਜਾਬ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ’ਤੇ ਠੱਲ ਪਾਉਣ ਲਈ ਹਰ ਜ਼ਿਲ੍ਹਾ ਵਾਸੀ ਦੇ ਸਾਥ ਦੀ ਲੋੜ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਸ, ਬੀ. ਐੱਸ. ਐੱਫ. ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿਲੋਂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ. ਸੀ. ਥੋਰੀ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ, ਜਿਸ ਵਿਚ ਹਰ ਵਰਗ ਦਾ ਸ਼ਾਮਲ ਹੋਣਾ ਜ਼ਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ

ਉਨ੍ਹਾਂ ਕਿਹਾ ਕਿ ਕੇਵਲ ਨਸ਼ਾ ਸਮੱਗਲਰ ਫੜਨ ਨਾਲ ਇਹ ਮਸਲਾ ਹੱਲ ਨਹੀਂ ਹੋ ਸਕਦਾ, ਇਸ ਲਈ ਨਸ਼ੇ ਦੀ ਮੰਗ ਖਤਮ ਕਰਨੀ ਅਤੇ ਨਸ਼ਾ ਲੈ ਰਹੇ ਬੱਚਿਆਂ ਦਾ ਇਲਾਜ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ, ਪਰ ਲੋਕਾਂ ਦੇ ਸਾਥ ਦੀ ਲੋੜ ਹੈ, ਜੋ ਕਿ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਇਸ ਮੌਕੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਮਾਜ ਵਿਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ-ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ

ਉਨ੍ਹਾਂ ਕਿਹਾ ਕਿ ਸਰਹੱਦੀ ਪੱਟੀ ਦੇ ਪਿੰਡ ਅਤੇ ਸ਼ਹਿਰ ਵਿਚ ਪੁਲਸ ਜਨਤਕ ਸਹਿਯੋਗ ਨਾਲ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਸਮੱਗਲਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਕਰਾਚੀ 'ਚ ਹੀਟਵੇਵ ਨੇ ਮਚਾਇਆ ਕਹਿਰ, ਮੁਰਦਾ ਘਰਾਂ ’ਚ ਲੱਗੇ ਲਾਸ਼ਾਂ ਦੇ ਢੇਰ, ਨਹੀਂ ਮਿਲ ਰਹੀ ਰੱਖਣ ਦੀ ਜਗ੍ਹਾ

ਇਸ ਮੌਕੇ ਡੀ. ਸੀ. ਥੋਰੀ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਆਏ ਵਿਸ਼ਾ ਮਾਹਿਰਾਂ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਉਨ੍ਹਾਂ ਨਸ਼ੇ ਦੇ ਰੋਗੀ ਦੇ ਇਲਾਜ ਦੌਰਾਨ ਕੀਤੇ ਗਏ ਆਪਣੇ ਤਜ਼ਰਬੇ ਵੀ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਂਝੇ ਕਰਦੇ ਕਿਹਾ ਕਿ ਕੇਵਲ ਨਸ਼ਈ ਵਿਅਕਤੀ ਦਾ ਇਲਾਜ ਇਸ ਸਮੱਸਿਆ ਦਾ ਹੱਲ ਨਹੀਂ, ਬਲਕਿ ਨਸ਼ੇ ਵਾਲੇ ਰੋਗੀ ਦੇ ਪਰਿਵਾਰ ਨਾਲ ਕੌਂਸ਼ਲਿੰਗ ਵੀ ਬਹੁਤ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News