ਪੰਜਾਬੀਓ ਸਵੇਰ ਤੇ ਸ਼ਾਮ ਲਈ ਜਾਰੀ ਹੋ ਗਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ 'ਤੇ...

Tuesday, May 06, 2025 - 10:26 AM (IST)

ਪੰਜਾਬੀਓ ਸਵੇਰ ਤੇ ਸ਼ਾਮ ਲਈ ਜਾਰੀ ਹੋ ਗਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ 'ਤੇ...

ਜਲਾਲਾਬਾਦ (ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ-ਪਾਲਣ ਵਿਭਾਗ ਕੋਲ ਰਜਿਸਟਰਡ ਜ਼ਰੂਰ ਕਰਵਾਉਣ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ 'ਚ ਇਹ ਹੁਕਮ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਪੁਲਸ ਛਾਉਣੀ ਬਣਿਆ ਇਹ ਇਲਾਕਾ, ਸਾਰੇ ਰਾਹ ਹੋ ਗਏ ਸੀਲ, ਪੜ੍ਹੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵੱਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਧਿਆਨ 'ਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ, ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਮਜ਼ਬੂਤ ਨਾ ਗਲਣਯੋਗ, ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ। ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ 'ਚ ਆ ਰਹੇ ਸਾਈਕਲ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ 'ਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ 'ਚ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਇਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਹੁਕਮ 'ਚ ਜ਼ਿਲ੍ਹਾ ਫਾਜ਼ਿਲਕਾ 'ਚ ਚੱਲ ਰਹੇ ਮੈਰਿਜ ਪੈਲਸਾਂ 'ਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ 'ਚ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ. ਜੇ. (ਮਿਊਜ਼ਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦਾ ਇਸਤੇਮਾਲ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀ. ਜੇ. ਦੀ ਉਚੀ ਅਵਾਜ ਵਿਚ ਸਰਹੱਦ 'ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ, ਜਿਸ ਕਾਰਨ ਡਰੋਨ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News