ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ

Wednesday, Mar 08, 2023 - 05:29 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਲਿਆਂਦੇ ਧਿਆਨ ਦਿਵਾਓ ਮਤੇ ’ਤੇ ਜਵਾਬ ਦਿੰਦਿਆਂ ਕਹੀ। ਵਿਧਾਇਕ ਵੱਲੋਂ ਧਿਆਨ ਦਿਵਾਇਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਫ਼ਸਰ ਆਪਣੇ ਸਟੇਸ਼ਨ ਤੇ ਰਹਿਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਜਾਂ ਹੋਰ ਥਾਵਾਂ ਤੇ ਆਪਣੇ ਘਰਾਂ ਵਿਚ ਪਹੁੰਚ ਜਾਂਦੇ ਹਨ, ਜਿਸ ਨਾਲ ਜਨਤਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਲਈ ਇਸ ਸਬੰਧੀ ਜ਼ਰੂਰੀ ਹੁਕਮ ਜਾਰੀ ਕੀਤੇ ਜਾਣ ਕਿ ਸਾਰੇ ਅਫ਼ਸਰ ਆਪਣੇ ਸਟੇਸ਼ਨ ’ਤੇ ਹੀ ਰਹਿਣ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

PunjabKesari

ਪ੍ਰਸ਼ਾਸਕੀ ਸੁਧਾਰ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਵਿਧਾਇਕ ਵੱਲੋਂ ਪ੍ਰਗਟ ਕੀਤੇ ਵਿਸ਼ੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਨਾਅਰਾ ਹੈ, ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਅਰੇ ਨੂੰ ਹਕੀਕੀ ਰੂਪ ਦਿੰਦਿਆਂ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸੰਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਥੋੜ੍ਹੇ ਅਰਸੇ ਵਿਚ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਉੱਥੇ ਲੋਕਾਂ ਨੂੰ ਬਿਹਤਰ ਨਾਗਰਿਕਾਂ ਸੇਵਾਵਾਂ ਮਿਲਣ ਲੱਗੀਆਂ। ਉਨ੍ਹਾਂ ਨਾਲ ਹੀ ਨਵੇਂ ਭਰਤੀ ਸਰਕਾਰੀ ਕਰਮਚਾਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਭਰਤੀ ਕੀਤੇ ਗਏ ਹਨ, ਇਸ ਲਈ ਬਦਲੀਆਂ ਕਰਵਾਉਣ ਲਈ ਸਿਫ਼ਾਰਸ਼ਾਂ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਰੁਝਾਨ ਹੈ ਕਿਉਂਕਿ ਸੂਬੇ ਦੇ ਹਰ ਖੇਤਰ, ਜ਼ਿਲ੍ਹੇ ਨੂੰ ਸਰਕਾਰੀ ਸੇਵਾਵਾਂ ਦੀ ਲੋੜ ਹੈ। ਚਾਹੇ ਉਹ ਸਰਹੱਦੀ ਖੇਤਰ ਹੋਵੇ ਜਾਂ ਪਿਛੜਿਆ ਖੇਤਰ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਸੁਖਪਾਲ ਖਹਿਰਾ ਵਿਚਾਲੇ ਤਿੱਖੀ ਬਹਿਸ, ਤਲਖ਼ ਹੋਇਆ ਮਾਹੌਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News